ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਅਗਸਤ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ ਸਾਢੇ ਸੱਤ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਬੇਰੁਜ਼ਗਾਰ ਲਗਾਤਾਰ ਸਿੱਖਿਆ ਮੰਤਰੀ ਦੀ ਪੈੜ ਨੱਪਦੇ ਆ ਰਹੇ ਹਨ। ਅੱਜ ਫੇਰ ਇਥੋਂ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਡਿਗਰੀ ਕਾਲਜ ਦਾ ਉਦਘਾਟਨ ਕਰਨ ਪਹੁੰਚੇ ਸਿੱਖਿਆ ਮੰਤਰੀ ਦੀ ਆਮਦ ’ਤੇ ਬੇਰੁਜ਼ਗਾਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲੀਸ ਨੇ ਬੇਰੁਜ਼ਗਾਰ ਗਗਨਦੀਪ ਕੌਰ, ਅਮਨ ਸੇਖਾ, ਪ੍ਰੀਤਇੰਦਰ ਕੌਰ, ਪ੍ਰਿਤਪਾਲ ਕੌਰ, ਕੁਲਵੰਤ ਸਿੰਘ ਲੌਂਗੋਵਾਲ, ਮਨਪ੍ਰੀਤ ਕੌਰ ਅਤੇ ਲਖਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਵਾਨੀਗੜ੍ਹ ਵਿਖੇ ਡੱਕ ਦਿੱਤਾ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਬੇਰੁਜ਼ਗਾਰਾਂ ਨਾਲ ਘਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਨਹੀਂ ਕਰਦੀ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਥਾਣਾ ਮੁਖੀ ਭਵਾਨੀਗੜ੍ਹ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੁਲੀਸ ਵੱਲੋਂ ਅਹਿਤਿਆਤ ਵੱਜੋਂ ਬੇਰੁਜ਼ਗਾਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।