ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 2 ਜੂਨ
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦੀ ਅੱਜ ਪੁਲੀਸ ਵੱਲੋਂ ਖਿੱਚ-ਧੂਹ ਕੀਤੀ ਗਈ। ਅੱਜ ਸਵੇਰ ਤੋਂ ਹੀ ਸਿੱਖਿਆ ਮੰਤਰੀ ਦੀ ਰਿਹਾਇਸ਼ ਨੇੜੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਸਨ ਤੇ ਰਿਹਾਇਸ਼ ਵੱਲ ਜਾਂਦੀ ਗਲੀ ਵਿੱਚ ਬੈਰੀਕੇਡ ਲਾਏ ਹੋਏ ਸਨ। ਜਿਵੇਂ ਹੀ ਧਰਨਾਕਾਰੀ ਬੈਰੀਕੇਡ ਨੇੜੇ ਪਹੁੰਚੇ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਖਿੱਚ-ਧੂਹ ਵੀ ਹੋਈ। ਇਸ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਬੈਰੀਕੇਡ ਅੱਗੇ ਧਰਨਾ ਲਾ ਲਿਆ। ਅੱਜ ਸਿੱਖਿਆ ਮੰਤਰੀ ਬਰਨਾਲਾ ਵਿੱਚ ਨਹੀਂ ਸਨ। ਧਰਨਾਕਾਰੀ ਮੰਗ ਕਰ ਰਹੇ ਹਨ ਕਿ ਪਿਛਲੀ ਸਰਕਾਰ ਵੱਲੋਂ 4161 ਅਸਾਮੀਆਂ ਦੇ ਦਿੱਤੇ ਇਸ਼ਤਿਹਾਰ ਵਿੱਚ ਪੋਸਟਾਂ ਦਾ ਵਾਧਾ ਕਰਕੇ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਉਕਤ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਦੇ ਨਿਯਮਾਂ ਅਨੁਸਾਰ ਹਰ ਤਰ੍ਹਾਂ ਦੀ ਯੋਗਤਾ ਪ੍ਰੀਖਿਆ ਪਾਸ ਕੀਤੀ ਹੈ, ਪਰ ਹਾਲੇ ਵੀ ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇਣ ਤੋਂ ਭੱਜ ਰਹੀ ਹੈ। ਢਿੱਲਵਾਂ ਨੇ ਕਿਹਾ ਕਿ ਬੇਰੁਜ਼ਗਾਰਾਂ ਦੇ ਸੰਘਰਸ਼ ਦੀ ਬਦੌਲਤ ਪਿਛਲੀ ਸਰਕਾਰ ਨੇ 4161 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਸੀ, ਪਰ ਅਸਾਮੀਆਂ ਦੀ ਇਹ ਗਿਣਤੀ ਬਹੁਤ ਥੋੜ੍ਹੀ ਹੈ, ਇਸ ਲਈ ਸਰਕਾਰ ਪੋਸਟਾਂ ਦੀ ਗਿਣਤੀ ਵਧਾ ਕੇ ਭਰਤੀ ਪ੍ਰਕਿਰਿਆ ਮੁਕੰਮਲ ਕਰੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ 9 ਜੂਨ ਨੂੰ ਪੈੱਨਲ ਮੀਟਿੰਗ ਤੈਅ ਕਰਵਾਉਣ ਮਗਰੋਂ ਧਰਨਾ ਚੁੱਕ ਦਿੱਤਾ ਗਿਆ।