ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੂਬੇ ਭਰ ’ਚੋਂ ਪੁੱਜੇ ਬੇਰੁਜ਼ਗਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ

ਸਰਕਾਰ ਵੱਲੋਂ ਵਾਰ-ਵਾਰ ਰੱਦ ਕੀਤੀਆਂ ਮੀਟਿੰਗਾਂ ਦੇ ਪੱਤਰ ਫੂਕੇ; ਮੰਗਾਂ ਨਾ ਮੰਨੇ ਜਾਣ ’ਤੇ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 13 ਜੁਲਾਈ

Advertisement

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਬੇਰੁਜ਼ਗਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਮਾਰਚ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਰੱਦ ਕੀਤੀਆਂ ਮੀਟਿੰਗਾਂ ਦੇ ਪੱਤਰ ਫੂਕਦਿਆਂ ਕੋਠੀ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਗਿਆ।

ਬੇਰੁਜ਼ਗਾਰ ਅੱਜ ਇੱਥੇ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿੱਚ ਇਕੱਠੇ ਹੋਏ ਜਿੱਥੋਂ ਬਾਅਦ ਦੁਪਹਿਰ ਮਾਰਚ ਕਰਦਿਆਂ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਵੱਡੀ ਤਾਦਾਦ ’ਚ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਬੇਰੁਜ਼ਗਾਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਰਚੇ ਨਾਲ ਸਰਕਾਰ ਵੱਲੋਂ ਤੈਅ ਹੋਈਆਂ ਮੀਟਿੰਗਾਂ ਨੂੰ ਵਾਰ-ਵਾਰ ਰੱਦ ਕਰਨ ਦੇ ਦਰਜਨ ਦੇ ਕਰੀਬ ਲਿਖਤੀ ਪੱਤਰ ਫ਼ੂਕੇ ਗਏ।

ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਤੇ ਰਿੰਕੂ ਸਿੰਘ ਨੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੀ ਆਲੋਚਨਾ ਕੀਤੀ। ਆਗੂਆਂ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਪਹਿਲਾਂ 9 ਜੁਲਾਈ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਫਿਰ ਇਹ ਮੀਟਿੰਗ ਮੁਲਤਵੀ ਕਰਕੇ 15 ਜੁਲਾਈ ’ਤੇ ਪਾ ਦਿੱਤੀ ਗਈ ਜਦੋਂ ਕਿ 15 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੈ ਜਿਸ ਕਾਰਨ ਇਹ ਮੀਟਿੰਗ ਵੀ ਹੋਣੀ ਸੰਭਵ ਨਹੀਂ ਹੈ। ਉਨ੍ਹਾਂ ਇਸ ਤੋਂ ਪਹਿਲਾਂ ਵੀ ਸਮੇਂ ਸਮੇਂ ਰੱਦ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਸਰਕਾਰ ’ਤੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਸਬੰਧੀ ਬੇਰੁਜ਼ਗਾਰ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ’ਤੇ ਹਨ।

ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰਾਂ ਨੂੰ 15 ਜੁਲਾਈ ਤੋਂ ਬਾਅਦ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਦਾ ਪੱਤਰ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਕਾਰਨ ਮੀਟਿੰਗ ਦੀ ਇੱਕ ਹੋਰ ਉਮੀਦ ਨਾਲ ਬੇਰੁਜ਼ਗਾਰਾਂ ਨੇ ਪ੍ਰਦਰਸ਼ਨ ਖਤਮ ਕੀਤਾ ਪਰ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 14 ਅਗਸਤ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

Advertisement