ਰਵਿੰਦਰ ਰਵੀ
ਬਰਨਾਲਾ, 8 ਮਈ
ਸਿੱਖਿਆ ਮੰਤਰੀ ਦੇ ਘਰ ਸਾਹਮਣੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਅੱਜ ਉਥੇ ਤਾਇਨਾਤ ਪੁਲੀਸ ਵੱਲੋਂ ਖਿੱਚ-ਧੂਹ ਕੀਤੀ ਗਈ। ਇਸ ਧੱਕਾ ਮੁੱਕੀ ਦੌਰਾਨ ਦੋ ਮਹਿਲਾਵਾਂ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਪਈਆਂ। ਕਈ ਅਧਿਆਪਕਾਂ ਦੇ ਕੱਪੜੇ ਪਾਟ ਗਏ ਤੇ ਵੱਡੀ ਗਿਣਤੀ ਅਧਿਆਪਕਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਕੰਬੋਜ, ਮੀਤ ਪ੍ਰਧਾਨ ਗੋਬਿੰਦ ਸਿੰਘ ਤੇ ਦਵਿੰਦਰ ਕੁਮਾਰ ਨੇ ਕਿਹਾ ਕਿ ਪੁਲੀਸ ਵੱਲੋਂ ਕੀਤੀ ਗਈ ਧੱਕਾ-ਮੁੱਕੀ ਦੌਰਾਨ ਪ੍ਰਦਰਸ਼ਨਕਾਰੀਆਂ ’ਚ ਸ਼ਾਮਲ ਮਮਤਾ ਰਾਣੀ ਤੇ ਅਮਨਦੀਪ ਕੌਰ ਬੇਹੋਸ਼ ਹੋ ਗਈਆਂ। ਉਨ੍ਹਾਂ ਦੱਸਿਆ ਕਿ ਪੁਲੀਸ 50 ਦੇ ਕਰੀਬ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਿਟੀ-2 ਲੈ ਗਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਵੀ ਜ਼ਿਆਦਾ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਪੀਟੀ ਅਧਿਆਪਕਾਂ ਲਈ 2000 ਪੋਸਟਾਂ ਕੱਢੀਆਂ ਗਈਆਂ ਸਨ, ਪਰ ਪੰਜਾਬ ਦੀ ਮੌਜੂਦਾ ਸਰਕਾਰ ਨੇ ਹਾਲੇ ਤੱਕ ਇਨ੍ਹਾਂ ਪੋਸਟਾਂ ਸਬੰਧੀ ਪੋਰਟਲ ਨਹੀਂ ਖੋਲ੍ਹਿਆ, ਜਿਸ ਸਬੰਧੀ ਉਹ ਅੱਜ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਸਬੰਧੀ ਡੀਐੱਸਪੀ ਰਾਜੇਸ਼ ਸੁਨੇਹੀ ਨੂੰ ਜਦੋਂ ਪੁਲੀਸ ਵੱਲੋਂ ਅਧਿਆਪਕਾਂ ਨਾਲ ਕੀਤੀ ਧੱਕਾ-ਮੁੱਕੀ ਬਾਰੇ ਜਾਣਨ ਲਈ ਫੋਨ ਕੀਤਾ ਗਿਆ ਤਾਂ ਉਨ੍ਹਾਂ ਕਹਿ ਕੇ ਫੋਨ ਕੱਟ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਉੱਚ ਅਧਿਕਾਰੀ ਦਾ ਫੋਨ ਆ ਰਿਹਾ ਹੈ ਤੇ ਉਹ ਗੱਲ ਨਹੀਂ ਕਰ ਸਕਦੇ।