ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਆਗੂ ਮਨਪ੍ਰੀਤ ਸਿੰਘ ਮਾਨਸਾ ਅਤੇ ਵਰਿੰਦਰ ਸਰਹਿੰਦ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਤੇ ਖਾਲੀ ਅਸਾਮੀਆਂ ਦੀ ਭਰਤੀ ਲਈ ਦੂਜੀ ਸੂਚੀ ਜਾਰੀ ਨਾ ਕਰਨ ’ਤੇ ਨਾਅਰੇਬਾਜ਼ੀ ਕੀਤੀ।
ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 2364 ਭਰਤੀ ਦੀ ਪਹਿਲੀ ਸੂਚੀ ਦੇ ਚੁਣੇ ਹੋਏ ਉਮੀਦਵਾਰਾਂ ਨੂੰ ਜੁਆਇਨ ਕੀਤੇ ਛੇ ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਸਰਕਾਰ ਖਾਲੀ ਅਸਾਮੀਆਂ ’ਤੇ ਭਰਤੀ ਲਈ ਦੂਜੀ ਸੂਚੀ ਜਾਰੀ ਕਰਨ ’ਚ ਟਾਲਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਂਦੇ ਸਮੇਂ ਵੱਡੇ ਦਾਅਵੇ ਕੀਤੇ ਸਨ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਜਾਵੇਗੀ ਅਤੇ ਬੇਰੁਜ਼ਗਾਰਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ 28 ਸਤੰਬਰ 2025 ਨੂੰ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਵਿੱਚ ਗੁਰਸੰਗਤ ਬੁਢਲਾਡਾ, ਅੰਮ੍ਰਿਤਪਾਲ ਧੂਰੀ, ਗਗਨ ਖੰਨਾ, ਰਮਨ ਧੂਰੀ, ਹਰਮਨ ਲੁਧਿਆਣਾ, ਸੁਖਦੇਵ ਜਲਾਲਾਬਾਦ, ਹਰਸੇਵਕ ਮਾਲੇਰਕੋਟਲਾ, ਪਰਮ ਜਲਾਲਾਬਾਦ, ਨਵਦੀਪ ਫ਼ਤਹਿਗੜ੍ਹ ਸਾਹਿਬ, ਬਲਜੀਤ ਬੱਲੀ ਅਤੇ ਸਰਬਜੋਤ ਹੁਸ਼ਿਆਰਪੁਰ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਅਧਿਆਪਕ ਹਾਜ਼ਰ ਸਨ।