ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਗਸਤ
ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਤੀਜੇ ਦਿਨ ਵੀ ਟੈਂਕੀ ’ਤੇ ਡਟਿਆ ਰਿਹਾ ਜਦਕਿ ਟੈਂਕੀ ਹੇਠ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਰੋਸ ਮਾਰਚ ਕਰਦਿਆਂ ਦਿੱਲੀ-ਲੁਧਿਆਣਾ ਮਾਰਗ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂੁਕ ਕੇ ਰੋਸ ਮੁਜ਼ਾਹਰਾ ਕੀਤਾ। ਅੱਜ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਟੈਂਕੀ ’ਤੇ ਚੜ੍ਹ ਕੇ ਤਿੰਨ ਦਿਨਾਂ ਤੋਂ ਟੈਂਕੀ ’ਤੇ ਡਟੇ ਸਾਥੀ ਮੁਨੀਸ਼ ਫਾਜ਼ਿਲਕਾ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਕਿਹਾ ਕਿ ਜਦੋਂ ਤਕ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਦੇ ਵਿਸ਼ਿਆਂ ਦੀਆਂ 9 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸੰਘਰਸ਼ ਤਿੱਖਾ ਕਰਨ ਲਈ 25 ਅਗਸਤ ਨੂੰ ਪੰਜਾਬ ਭਰ ਦੇ ਬੇਰੁਜ਼ਗਾਰ ਪਟਿਆਲਾ ’ਚ ਮੋਤੀ ਬਾਗ਼ ਮਹਿਲ ਦਾ ਘਿਰਾਓ ਕਰ ਕੇ ਸਰਕਾਰ ਖ਼ਿਲਾਫ਼ ਗਰਜਣਗੇ।