ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਸਤੰਬਰ
ਇੱਥੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ 5994 ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਅੱਗੇ ਰੋਸ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਬੇਰੁਜ਼ਗਾਰ ਅਧਿਆਪਕ ਪਹਿਲਾਂ ਸਥਾਨਕ ਬੀਐੱਸਐੱਨਐੱਲ ਪਾਰਕ ਵਿੱਚ ਇਕੱਠੇ ਹੋਏ ਤੇ ਬਾਅਦ ਵਿੱਚ ਉਨ੍ਹਾਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ। ਮਾਰਚ ਕਰਦੇ ਹੋਏ ਜਦੋਂ ਉਹ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਅੱਗੇ ਮੁੱਖ ਸੜਕ ’ਤੇ ਪੁੱਜੇ ਤਾਂ ਉਨ੍ਹਾਂ ਉਥੇ ਹੀ ਧਰਨਾ ਸ਼ੁਰੂ ਕਰ ਦਿੱਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਕ੍ਰਮਵਾਰ ਜਸਪ੍ਰੀਤ ਸਿੰਘ ਮਾਨਸਾ, ਬੱਗਾ ਖੁਡਾਲ ਅਤੇ ਦੀਪ ਅਮਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ‘ਆਪ’ ਸਰਕਾਰ ਵੀ ਬੇਰੁਜ਼ਗਾਰਾਂ ਨੂੰ ਸੜਕਾਂ ’ਤੇ ਰੋਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ ਰੁਜ਼ਗਾਰ ਲਈ ਸੜਕਾਂ ’ਤੇ ਮੁਜ਼ਾਹਰੇ ਕਰ ਰਹੇ ਹਨ ਪਰ ਪੰਜਾਬ ਸਰਕਾਰ ਬੇਰੁਜ਼ਗਾਰ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ’ਤੇ ਤਸ਼ੱਦਦ ਢਾਹ ਰਹੀ ਹੈ। ਇਸ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਈਟੀਟੀ 5994 ਅਧਿਆਪਕਾਂ ਦੀ ਭਰਤੀ 12ਵੀਂ ਦੇ ਆਧਾਰ ’ਤੇ ਕੀਤੀ ਜਾਵੇ, ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਆਨਲਾਈਨ ਪੋਰਟਲ ਖੋਲ੍ਹਿਆ ਜਾਵੇ, ਭਰਤੀ ਲਈ ਪੰਜਾਬ ਦੇ ਵਸਨੀਕਾਂ ਦਾ ਸਰਟੀਫਿਕੇਟ ਲਾਜ਼ਮੀ ਕੀਤਾ ਜਾਵੇ ਤੇ ਭਰਤੀ ਦੀ ਹੱਦ ਉਮਰ ਟੱਪ ਚੁੱਕੇ ਬੇਰੁਜ਼ਗਾਰਾਂ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ’ਚ ਗੁਪਤ ਐਕਸ਼ਨ ਕੀਤੇ ਜਾਣਗੇ।