ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਅਕਤੂਬਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਮਰਨ ਵਰਤ ’ਤੇ ਬੈਠਾ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਜਿੱਥੇ ਨੌਵੇਂ ਦਿਨ ਵੀ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਕਰੀਬ ਸੌ ਫੁੱਟ ਉੱਚੀ ਟੈਂਕੀ ’ਤੇ ਡਟਿਆ ਰਿਹਾ, ਉੱਥੇ ਹੀ ਹੇਠਾਂ ਧਰਨੇ ’ਤੇ ਬੈਠੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਅੱਜ ਆਪਣੇ ਖੂਨ ਨਾਲ ਪੱਤਰ ਲਿਖ ਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਭੇਜਿਆ ਗਿਆ। ਉਨ੍ਹਾਂ ਮੰਗ ਕੀਤੀ ਕਿ 2364 ਈਟੀਟੀ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਾਉਣ ਲਈ ਸਰਕਾਰ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕਰੇ। ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੇ ਵਫ਼ਦ ਨੇ ਖੂਨ ਨਾਲ ਲਿਖਿਆ ਪੱਤਰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਪੁੱਜ ਕੇ ਉਨ੍ਹਾਂ ਦੇ ਨੁਮਾਇੰਦੇ ਜਸਵੀਰ ਸਿੰਘ ਨੂੰ ਸੌਂਪਿਆ ਅਤੇ ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਨਾਲ ਫੋਨ ’ਤੇ ਗੱਲ ਕੀਤੀ। ਖੂਨ ਨਾਲ ਲਿਖੇ ਪੱਤਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਹੈ ਕਿ ਅਦਾਲਤ ਵਿੱਚ ਚੱਲ ਰਹੇ ਕੇਸ ਕਾਰਨ 2364 ਈਟੀਟੀ ਅਧਿਆਪਕਾਂ ਦੀ ਭਰਤੀ ਰੁਕੀ ਹੋਈ ਹੈ, ਜਦੋਂ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕੀਤੇ ਜਾਣ ਨਾਲ ਭਰਤੀ ਬਹਾਲ ਹੋ ਸਕਦੀ ਹੈ। ਸੂਬਾ ਪ੍ਰੈੱਸ ਸਕੱਤਰ ਗੁਰਸਿਮਰਤ ਮਾਲੇਰਕੋਟਲਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨੁਮਾਇੰਦੇ ਵਜੋਂ ਜਸਵੀਰ ਸਿੰਘ ਨੇ ਮੰਗ ਪੱਤਰ ਲਿਆ ਅਤੇ ਮਾਤਾ ਹਰਪਾਲ ਕੌਰ ਨਾਲ ਫੋਨ ’ਤੇ ਗੱਲ ਕਰਵਾਈ। ਮਾਤਾ ਹਰਪਾਲ ਕੌਰ ਨੇ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਸਰਕਾਰ ਮਸਲਾ ਹੱਲ ਕਰੇਗੀ।