ਸੁਭਾਸ਼ ਜੋਸ਼ੀ,ਗੁਰਦੇਵ ਸਿੰਘ/ਸੁਰਜੀਤ ਮਜਾਰੀ
ਬਲਾਚੌਰ/ ਬੰਗਾ, 22 ਦਸੰਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਕਾਹਮਾ ਅਤੇ ਹਸਨਪੁਰ ਖੁਰਦ ਦੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਪੁੱਜੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਨਾਲ ਪੰਜਾਬ ਦਾ ਭਵਿੱਖ ਤਬਾਹ ਕਰਨ ’ਤੇ ਤੁਲੀ ਹੋਈ ਹੈ।
ਇਸ ਮੌਕੇ ਅਰੁਨਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਨਾਲ ਪੰਜਾਬ ਦਾ ਭਵਿੱਖ ਤਬਾਹ ਕਰਨ ’ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਕਾਰਪੋਰੇਟ ਜਗਤ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਇੰਨੇ ਵੱਡੇ ਪੱਧਰ ’ਤੇ ਵਿਰੋਧ ਹੋਣ ਮਗਰੋਂ ਵੀ ਕੇਂਦਰ ਸਰਕਾਰ ਵੱਲੋਂ ਟੱਸ ਤੋਂ ਮੱਸ ਨਾ ਹੋਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਕੈਬਨਿਟ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਵਿਛੋੜਾ ਦੇ ਗਏ ਰਾਜ ਕੁਮਾਰ ਪੁੱਤਰ ਚੈਨ ਰਾਮ ਵਾਸੀ ਪਿੰਡ ਕਾਹਮਾ ਅਤੇ ਸੁਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਹਸਨਪੁਰ ਖੁਰਦ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐੱਸਡੀਐੱਮ ਜਗਦੀਸ਼ ਸਿੰਘ ਜੌਹਲ, ਐੱਸਡੀਐੱਮ ਦੀਪਕ ਰੁਹੇਲਾ ਆਦਿ ਹਾਜ਼ਰ ਸਨ।