ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ) 30 ਮਾਰਚ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕ ਖੋਹ ਕੇ ਪੰਜਾਬੀਆਂ ਦਾ ਧ੍ਰੋਹ ਕਮਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਨਾਲ ਕੀਤੇ ਜਾ ਰਹੇ ਇਹ ਧੱਕੇ ਪੰਜਾਬੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ ਤੇ ਭਾਜਪਾ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀਐੱਮਬੀ ਵਿੱਚੋਂ ਪੰਜਾਬ ਦੇ ਮੈਂਬਰਾਂ ਦਾ ਕੋਟਾ ਖਤਮ ਕਰਨਾ, ਫਿਰ ਚੰਡੀਗੜ੍ਹ ਸਿਟਕੋ ਤੋਂ ਮੈਂਬਰਸ਼ਿਪ ਖੋਹਣਾ, ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਪੰਜਾਬ ਦੀ ਥਾਂ ਕੇਂਦਰ ਦੇ ਸਰਵਿਸ ਨਿਯਮ ਲਾਗੂ ਕਰਨਾ ਅਤੇ ਹੁਣ ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਬਿਜਲੀ ਦੇਣੋਂ ਨਾਂਹ ਕਰਕੇ ਹਰਿਆਣਾ ਨੂੰ ਬਿਜਲੀ ਦੇਣ ਵਰਗੇ ਫੈ਼ਸਲੇ ਪੰਜਾਬ ਨਾਲ ਸਿੱਧਾ ਧੱਕਾ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋ ਰਾਜੀਵ-ਲੌਂਗੋਵਾਲ ਸਮਝੌਤੇ ਤਹਿਤ ਚੰਡੀਗੜ੍ਹ ਪੰਜਾਬ ਨੂੰ ਦੇਣਾ ਪ੍ਰਵਾਨ ਕੀਤਾ ਗਿਆ ਸੀ ਤੇ ਕੇਂਦਰ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਚੰਡੀਗੜ੍ਹ ਪੰਜਾਬ ਨੂੰ ਸੌਂਪਣਾ ਚਾਹੀਦਾ ਹੈ।