ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕੇਂਦਰੀ ਬਜਟ ਦੀ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਤੋਂ ਬਾਅਦ ਸ਼ਾਇਦ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਬਦਲਾ ਲਿਆ ਹੈ। ਇਸ ਵਾਰ ਐੱਮਐੱਸਪੀ ਲਈ ਜੋ 2.37 ਲੱਖ ਕਰੋੜ ਰੁਪਏ ਰੱਖੇ ਹਨ, ਉਹ ਪਿਛਲੇ ਸਾਲ ਨਾਲੋਂ ਵੀ ਘੱਟ ਹਨ। ਪਿਛਲੇ ਸਾਲ ਇਹ ਪੈਸਾ 2.48 ਲੱਖ ਕਰੋੜ ਰੁਪਏ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਫ਼ਸਲਾਂ ’ਤੇ ਘੱਟੋ-ਘੱਟ ਲਾਗਤ, ਕੀਮਤ ਤੇ ਖ਼ਰੀਦ ਘੱਟ ਹੋਵੇਗੀ। ਜਦੋਂ ਕਿ ਪਹਿਲਾਂ ਹੀ ਭਾਰਤ ਦੇ ਕਿਸਾਨਾਂ ਦੀਆਂ 50 ਫੀਸਦੀ ਫ਼ਸਲਾਂ ਨੂੰ ਐੱਮਐੱਸਪੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ ਸਗੋਂ ਘੱਟ ਕਰਨ ਵੱਲ ਕਦਮ ਚੁੱਕੇ ਹਨ। ਖਾਦਾਂ ਤੇ ਖੁਰਾਕ ’ਤੇ ਸਬਸਿਡੀ ਘਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਕੀਟਨਾਸ਼ਕ ਦਵਾਈਆਂ ਦੇ ਛੜਕਾਅ ਦੇ ਸੁਪਨੇ ਦਿਖਾਏ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਯੂਨੀਵਰਸਿਟੀਆਂ ਨੂੰ ਸਿਲੇਬਸ ਬਦਲਣ ਲਈ ਕਿਹਾ ਹੈ ਪਰ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਵਾਇਤੀ ਤੇ ਆਰਗੈਨਿਕ ਖੇਤੀ ਪ੍ਰਫੁੱਲਤ ਕਰਨ ਦੀਆਂ ਗੱਲਾਂ ਕੀਤੀਆਂ ਹਨ, ਪਰ ਬਜਟ ਕੁਝ ਨਹੀਂ ਦਿੱਤਾ। ਇਸੇ ਤਰ੍ਹਾਂ ਫਸਲੀ ਵਿਭਿੰਨਤਾ ਲਈ ਕੁਝ ਨਹੀਂ। ਪੈਟਰੋਲ ਤੇ ਡੀਜ਼ਲ ਮਹਿੰਗਾ ਕਰਨ ਦੀ ਵਿਉਂਤ ਵੀ ਕਿਸਾਨ ਅਤੇ ਆਮ ਲੋਕਾਂ ’ਤੇ ਬੋਝ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਆਪਣੀ ਹੋਂਦ ਲਈ ਦੂਜੀ ਲੰਮੀ, ਠਰੰਮੇ ਅਤੇ ਦ੍ਰਿੜ ਇਰਾਦੇ ਵਾਲੀ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ।