ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਅਗਸਤ
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਅਤੇ ਰਸਾਇਣ ਤੇ ਖਾਦ ਰਾਜ ਮੰਤਰੀ ਮਨਸੁਖ ਮਾਂਡਵੀਆ ਅੱਜ ਦੋ ਰੋਜ਼ਾ ਦੌਰੇ ’ਤੇ ਸੰਗਰੂਰ ਪੁੱਜੇ। ਉਨ੍ਹਾਂ ਦਾ ਇੱਥੇ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਤਰਫ਼ੋਂ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ, ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਨਿੱਘਾ ਸਵਾਗਤ ਕੀਤਾ।
ਸਥਾਨਕ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿੱਚ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੂੰ ਜ਼ਿਲ੍ਹਾ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮਗਰੋਂ ਕੇਂਦਰੀ ਮੰਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿੱਚ ਇੱਕ ਸਮਾਗਮ ’ਚ ਸ਼ਿਰਕਤ ਕੀਤੀ। ਸ਼ਾਮ ਵੇਲੇ ਕੇਂਦਰੀ ਮੰਤਰੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕਤ ਹੋਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਕੇਂਦਰੀ ਮੰਤਰੀ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ ਅਤੇ ਭਲਕੇ ਪੀਜੀਆਈ ਸੈਟੇਲਾਈਟ ਸੈਂਟਰ ਤੇ ਹਸਪਤਾਲ ਘਾਬਦਾਂ ਵਿੱਚ ਹੋਣ ਵਾਲੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਦਿਆਲ ਸੋਢੀ, ਪ੍ਰਦੇਸ਼ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਸਟੇਟ ਪ੍ਰੈੱਸ ਸਕੱਤਰ ਸੁਨੀਲ ਸਿੰਗਲਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸੂਬਾ ਆਗੂ ਜਤਿੰਦਰ ਕਾਲੜਾ, ਸੂਬਾ ਕਾਰਜਕਾਰੀ ਮੈਂਬਰ ਸਰਜੀਵਨ ਜਿੰਦਲ, ਪ੍ਰਦੀਪ ਗਰਗ ਅਤੇ ਗੁਰਮੀਤ ਬਾਵਾ ਹੰਢਿਆਇਆ ਹਾਜ਼ਰ ਸਨ।