ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਵੱਲੋਂ ਕਪੂਰਥਲਾ ਦਾ ਦੌਰਾ
ਹਡ਼੍ਹ ਪ੍ਰਭਾਵਿਤ ਲੋਕਾਂ ਲੲੀ ਚੱਲ ਰਹੇ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ
ਸੜਕੀ ਆਵਾਜਾਈ, ਰਾਜਮਾਰਗ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਐਤਵਾਰ ਨੂੰ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਲੋਕਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਹਾਲ ਹੀ ਦੇ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਲਈ ਨਰਿੰਦਰ ਮੋਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੰਤਰੀ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, "ਰਾਹਤ ਕਾਰਜਾਂ ਦਾ ਮੁਲਾਂਕਣ ਕਰਦੇ ਹੋਏ ਅਹਿਮ ਲੋੜਾਂ ਬਾਰੇ ਚਰਚਾ ਕੀਤੀ ਗਈ ਅਤੇ ਸਾਰੇ ਵਿਭਾਗਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਮੁਆਵਜ਼ਾ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ’ਤੇ ਖਾਸ ਜ਼ੋਰ ਦਿੱਤਾ ਗਿਆ ਤਾਂ ਜੋ ਮੁਆਵਜ਼ਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਜਲਦੀ ਤੋਂ ਜਲਦੀ ਪਹੁੰਚ ਸਕੇ।" ਮਲਹੋਤਰਾ ਨੇ ਸੁਲਤਾਨਪੁਰ ਲੋਧੀ ਦੇ ਸ਼ੇਖਮੰਗਾ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਖੇਤਰ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪ ਦੀ ਸ਼ਲਾਘਾ ਕੀਤੀ। ਮੰਤਰੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਖੁਰਾਕ ਸਮੱਗਰੀ ਵੀ ਵੰਡੀ।
ਉਸ ਤੋਂ ਬਾਅਦ ਉਹ ਹੜ੍ਹ ਪ੍ਰਭਾਵਿਤ ਪਿੰਡ ਤਾਕੀਆ ਗਏ ਅਤੇ ਸਥਾਨਕ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਮੋਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਰਾਹਤ ਕਾਰਜਾਂ ਤੋਂ ਇਲਾਵਾ ਮੰਤਰੀ ਨੇ ਕਪੂਰਥਲਾ ਅਤੇ ਨਾਲ ਲਗਦੇ ਇਲਾਕਿਆਂ ਵਿੱਚ ਕੌਮੀ ਰਾਜਮਾਰਗਾਂ ਦੀ ਹਾਲਤ ਦਾ ਵੀ ਜਾਇਜ਼ਾ ਲਿਆ ਜੋ ਹਾਲ ਹੀ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਲੋਕ ਨਿਰਮਾਣ ਵਿਭਾਗ (PWD), ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) ਦੇ ਅਧਿਕਾਰੀ ਵੀ ਮੰਤਰੀ ਦੇ ਨਾਲ ਸਨ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਕੌਮੀ ਰਾਜਮਾਰਗਾਂ ਨੂੰ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। -ਪੀਟੀਆਈ
ਕੇਂਦਰੀ ਮੰਤਰੀ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦੇ ਹੋਏ। -ਫੋਟੋ: ਸਰਬਜੀਤ ਸਿੰਘ