ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਾਰਚ
ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਨੂੰ ਅੱਜ ਰਾਜ ਭਵਨ ਵੱਲ ਮਾਰਚ ਕਰਦਿਆਂ ਪੁਲੀਸ ਨੇ ਰੋਕ ਲਿਆ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਤੋਂ ਮੰਗ ਪੱਤਰ ਲਿਆ। ਪਹਿਲਾਂ ਆਗੂਆਂ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਗੁਰਨਾਮ ਸਿੰਘ ਚੰਡੀਗੜ੍ਹ, ਜਤਿੰਦਰ ਸਿੰਘ ਈਸੜੂ ਜਨਰਲ ਸਕੱਤਰ ਅੱਛਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ। ਜਿਨ੍ਹਾਂ ਬਰਗਾੜੀ ਮੋਰਚੇ ਦੌਰਾਨ ਪੰਜਾਬ ਸਰਕਾਰ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਅਤੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਮੇਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈਆਂ ਦੇ ਕੀਤੇ ਐਲਾਨ ਤੋਂ ਪਿੱਛੇ ਹਟਣ ਅਤੇ 26 ਜਨਵਰੀ ਨੂੰ ਦਰਜ ਕੀਤੇ ਕੇਸ ਵਾਪਸ ਲੈਣ ਬਾਰੇ ਵਿਚਾਰ ਚਰਚਾ ਕੀਤੀ।