ਸੰਯੁਕਤ ਕਿਸਾਨ ਮੋਰਚੇ ਨੇ ਸਰਬ ਪਾਰਟੀ ਮੀਟਿੰਗ ਸੱਦੀ
ਆਤਿਸ਼ ਗੁਪਤਾ
ਚੰਡੀਗੜ੍ਹ, 6 ਜੁਲਾਈ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਪੰਜਾਬ ਦੀ ਮੀਟਿੰਗ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਤੇ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮਸਲਿਆਂ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਮੋਰਚੇ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿੱਚ 18 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਜਿਸ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦੇਣ ਦਾ ਫ਼ੈਸਲਾ ਕੀਤਾ ਗਿਆ।
ਆਗੂਆਂ ਅਨੁਸਾਰ ਮੀਟਿੰਗ ਵਿੱਚ ਸਿਆਸੀ ਪਾਰਟੀਆਂ ਤੋਂ ਲੈਂਡ ਪੂਲਿੰਗ ਨੀਤੀ, ਪਾਣੀਆਂ ਦੇ ਮੁੱਦੇ, ਮੁਫ਼ਤ ਵਪਾਰ ਸਮਝੌਤੇ ਸਣੇ ਹੋਰਨਾਂ ਮੁੱਦਿਆਂ ਬਾਰੇ ਪੱਖ ਸਪੱਸ਼ਟ ਕਰਵਾਇਆ ਜਾਵੇਗਾ। ਮੋਰਚੇ ਨੇ ਐਲਾਨ ਕੀਤਾ ਕਿ 30 ਜੁਲਾਈ ਨੂੰ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਵਾਲੇ ਪਿੰਡਾਂ ਵਿੱਚ ਝੰਡੇ ਤੇ ਟਰੈਕਟਰ ਮਾਰਚ ਕੀਤੇ ਜਾਣਗੇ ਅਤੇ 24 ਅਗਸਤ ਨੂੰ ਮੁੱਲਾਂਪੁਰ ਮੰਡੀ ਲੁਧਿਆਣਾ ਵਿੱਚ ਵੱਡੀ ਕਿਸਾਨ ਰੈਲੀ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਨੂੰ ਮੁੱਢ ਤੋਂ ਰੱਦ ਕਰ ਦਿੱਤਾ। ਇਸ ਨੀਤੀ ਨੂੰ ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਤੇ ਜੰਗਵੀਰ ਸਿੰਘ ਚੌਹਾਨ ਨੇ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਕਰੇ, ਨਹੀਂ ਤਾਂ ਮੋਰਚਾ ਵੱਲੋਂ ਜਲਦ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨਾਲ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਮੁਫ਼ਤ ਵਪਾਰ ਸਮਝੌਤਿਆਂ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਸਰਕਾਰ ਖੇਤੀ ਖੇਤਰ ਨੂੰ ਇਨ੍ਹਾਂ ਸਮਝੌਤਿਆਂ ਤੋਂ ਬਾਹਰ ਰੱਖੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖੇਤੀ ਨੀਤੀ ਜਲਦ ਲਾਗੂ ਕਰੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਬਲਦੇਵ ਸਿੰਘ ਨਿਹਾਲ ਗੜ੍ਹ, ਜੋਗਿੰਦਰ ਸਿੰਘ ਉਗਰਾਹਾਂ, ਹਰਜਿੰਦਰ ਸਿੰਘ ਟਾਂਡਾ, ਬਲਵਿੰਦਰ ਸਿੰਘ ਰਾਜੂ, ਫਰਮਾਨ ਸਿੰਘ ਸੰਧੂ, ਬੋਘ ਸਿੰਘ ਮਾਨਸਾ, ਮੁਕੇਸ਼ ਚੰਦਰ ਸ਼ਰਮਾ, ਨਛੱਤਰ ਜੈਤੋ, ਗੁਰਮੀਤ ਸਿੰਘ ਗੋਲੇਵਾਲਾ, ਮਨਜੀਤ ਸਿੰਘ ਧਨੇਰ, ਸਤਨਾਮ ਸਿੰਘ ਅਜਨਾਲਾ, ਹਰਮਿੰਦਰ ਸਿੰਘ, ਹਰਵਿੰਦਰ ਸਿੰਘ, ਕਿਰਨਜੀਤ ਸਿੰਘ ਸੇਖੋਂ, ਹਰਦੇਵ ਸਿੰਘ ਸੰਧੂ, ਰਾਜਵਿੰਦਰ ਕੌਰ ਰਾਜੂ ਤੇ ਕੁਲਦੀਪ ਸਿੰਘ ਵਜੀਦਪੁਰ ਹਾਜ਼ਰ ਸਨ।