ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਦਿੱਤੇ ਬਿਆਨ ਤੋਂ ਸਾਬਤ ਹੋ ਗਿਆ ਹੈ ਕਿ ਕੇਂਦਰ ਸਰਕਾਰ ਕਿਸਾਨ ਮੋਰਚਿਆਂ ਨੂੰ ਲੰਬਾ ਖਿੱਚਣਾ ਚਾਹੁੰਦੀ ਹੈ, ਇਸੇ ਲਈ ਤੋਮਰ ਨੇ ਅੰਦੋਲਨ ਦੇ ਹੌਲੀ-ਹੌਲੀ ਖ਼ਤਮ ਹੋਣ ਦੀ ਗੱਲ ਕੀਤੀ ਹੈ। ਮੋਰਚੇ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਕਿਹਾ ਕਿ ਕੁੱਝ ਕਿਸਾਨ ਸੰਗਠਨਾਂ ਦੁਆਰਾ ਕਿਸਾਨ ਅੰਦੋਲਨ ਨੂੰ ਛੱਡ ਦਿੱਤਾ ਗਿਆ ਹੈ ਤੇ ਇਹ ਹੌਲੀ-ਹੌਲੀ ਖ਼ਤਮ ਹੋ ਜਾਵੇਗਾ। ਮੋਰਚੇ ਮੁਤਾਬਕ ਮੰਤਰੀ ਦੁਆਰਾ ਇਹ ਇੱਛੁਕ ਸੋਚ ਬਿਲਕੁਲ ਉਹੀ ਰਣਨੀਤੀ ਹੈ, ਜੋ ਮੋਦੀ ਸਰਕਾਰ ਦੁਆਰਾ ਚੱਲ ਰਹੇ ਅੰਦੋਲਨ ਸਬੰਧੀ ਅਪਣਾਈ ਜਾ ਰਹੀ ਹੈ, ਜਿੱਥੇ 22 ਜਨਵਰੀ, 2021 ਨੂੰ ਰਸਮੀ ਗੱਲਬਾਤ ਰੁਕ ਗਈ ਹੈ। ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪੂਰੇ 11 ਮਹੀਨੇ ਪੂਰੇ ਹੋਣ ਦੀ ਕੰਢੇ ਪੁੱਜਿਆ ਕਿਸਾਨ ਅੰਦੋਲਨ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਤੇ ਵਿਸ਼ਾਲ ਹੈ। ਆਗੂਆਂ ਨੇ ਮੋਦੀ ਸਰਕਾਰ ਦੇ ਇਸ ਮੰਤਰੀ ਅਤੇ ਹੋਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਲੋਕਤੰਤਰ ਵਿੱਚ ਕੋਈ ਵੀ ਚੁਣੀ ਹੋਈ ਸਰਕਾਰ ਮਜ਼ਦੂਰਾਂ ਅਤੇ ਨਾਗਰਿਕਾਂ ਦੀ ਸਭ ਤੋਂ ਵੱਡੀ ਸ਼੍ਰੇਣੀ ਦੀ ਇੱਕਜੁਟ ਆਵਾਜ਼ ਅਤੇ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ, ਖਾਸ ਕਰਕੇ ਜਦੋਂ ਅਜਿਹੀਆਂ ਮੰਗਾਂ ਜਾਇਜ਼ ਹੋਣ ਅਤੇ ਰੋਜ਼ੀ-ਰੋਟੀ ਨੂੰ ਨਾ ਪੂਰਾ ਹੋਣ ਵਾਲੇ ਨੁਕਸਾਨ ਦੇ ਸਬੂਤਾਂ ਦੇ ਆਧਾਰ ’ਤੇ ਹੋਣ।
ਸੰਯੁਕਤ ਕਿਸਾਨ ਮੋਰਚਾ ਨੇ 26 ਅਕਤੂਬਰ ਨੂੰ ਦਿੱਲੀ ਅੰਦੋਲਨ ਦੇ ਗਿਆਰਾਂ ਮਹੀਨੇ ਪੂਰੇ ਹੋਣ ’ਤੇ ਅਜੈ ਮਿਸ਼ਰਾ ਟੇਨੀ ਦੀ ਬਰਖਾਸਤਗੀ ਤੇ ਗ੍ਰਿਫ਼ਤਾਰੀ ਦੀ ਮੰਗ ਲਈ ਪੂਰੇ ਭਾਰਤ ਵਿੱਚ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ-ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ।