ਗਗਨ ਅਰੋੜਾ/ਗੁਰਿੰਦਰ ਸਿੰਘ
ਲੁਧਿਆਣਾ, 7 ਮਾਰਚ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦਾ ਹੱਕ ਖੋਹੇ ਜਾਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ 25 ਮਾਰਚ ਨੂੰ ਚੰਡੀਗੜ੍ਹ ਦੇ ਗਵਰਨਰ ਹਾਊਸ ਸਾਹਮਣੇ ਰੋਸ ਮੁਜ਼ਾਹਰਾ ਕਰਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਜਥੇਬੰਦੀਆਂ ਦੀ ਅੱਜ ਇੱਥੇ ਡਾ ਦਰਸ਼ਨ ਪਾਲ, ਜਗਜੀਤ ਸਿੰਘ ਡੱਲੇਵਾਲ ਅਤੇ ਪਰਮਿੰਦਰ ਸਿੰਘ ਪਾਲਮਾਜਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਬੀਬੀਐਮਬੀ ਨਾਲ ਸਬੰਧਤ ਮੰਗਾਂ ਦੇ ਨਾਲ ਨਾਲ ਕਿਸਾਨਾਂ ਦੀਆਂ ਦਿੱਲੀ ਅੰਦੋਲਨ ਸਮੇਂ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾ. ਦਰਸ਼ਨ ਪਾਲ, ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਸਬੀਰ ਸਿੰਘ ਸਿੱਧੂਪੁਰ, ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਨਸੀਬ ਸਿੰਘ, ਦਸੂਹਾ ਗੰਨਾ ਸੰਘਰਸ਼ ਕਮੇਟੀ ਦੇ ਸੁਖਪਾਲ ਸਿੰਘ ਆਦਿ ਸ਼ਾਮਲ ਹੋਏ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨਾ ਸੰਘਰਸ਼ ਵੇਲੇ ਭਾਅ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ 35 ਰੁਪਏ ਪ੍ਰਤੀ ਕੁਇੰਟਲ ਕਾਊਂਟਰ ਪੇਮੈਂਟ ਕਰਨ ਦੀ ਮੰਗ ਮੰਨੀ ਸੀ ਜੋ ਅਜੇ ਤੱਕ ਪੂਰੀ ਨਹੀਂ ਹੋਈ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਤੋਂ ਪੁੱਜਣ ਵਾਲੇ ਕਿਸਾਨ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋ ਕੇ ਗਵਰਨਰ ਹਾਊਸ ਵੱਲ ਮਾਰਚ ਕਰਨਗੇ।