ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਮਈ
ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨੀ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮਗਰੋਂ ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਤੇ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿਲ ਵੱਲ ਕਿਸਾਨਾਂ ਦਾ 75 ਕਰੋੜ ਰੁਪਏ ਬਕਾਇਆ ਹੈ। ਜੇ ਮਿੱਲ ਵੱਲੋਂ 24 ਮਈ ਤੱਕ ਬਕਾਇਆ ਨਾ ਜਾਰੀ ਕੀਤਾ ਗਿਆ ਤਾਂ 25 ਮਈ ਨੂੰ ਫਗਵਾੜਾ ਵਿੱਚ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕੀਤਾ ਜਾਵੇਗਾ। ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਏਕਤਾ ਬਣਾਈ ਰੱਖਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਝੋਨੇ ਦੀ ਲਵਾਈ ਲਈ ਟਕਰਾਅ ਤੋਂ ਬਚਦਿਆਂ ਸਾਂਝ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ।