ਪੱਤਰ ਪ੍ਰੇਰਕ
ਮਾਨਸਾ, 1 ਜਨਵਰੀ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਨੇ ਆਪਣੇ ਬਲਬੂਤੇ ’ਤੇ ਰਾਜ ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਹਰ ਤਰ੍ਹਾਂ ਦੀ ਤਿਆਰੀ ਖਿੱਚ ਲਈ ਗਈ ਹੈ, ਜਿਸ ਵਿੱਚ ਹੋਰ ਭਰਾਤਰੀ ਜਥੇਬੰਦੀਆਂ ਨੇ ਸ਼ਾਮਲ ਹੋ ਕੇ ਸੂਬੇ ਵਿਚਲੀਆਂ ਵੱਡੀਆਂ ਸਿਆਸੀ ਧਿਰਾਂ ਨੂੰ ਮਾਤ ਦੇਣ ਲਈ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਲਕੇ 2 ਜਨਵਰੀ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇੱਕ ਵਿਸ਼ੇਸ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਚੋਣਾਂ ਲਈ ਹਰ ਤਰ੍ਹਾਂ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਉਹ ਅੱਜ ਇੱਥੇ ਬਾਬਾ ਬੂਝਾ ਸਿੰਘ ਭਵਨ ’ਚ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਕਿਸਾਨ ਅੰਦੋਲਨ ਨੂੰ ਜਿੱਤਣ ਤੋਂ ਬਾਅਦ ਪੰਜਾਬ ਦੇ ਲੋਕ ਨਵੇਂ ਬਦਲਾਅ ਦੀ ਉਡੀਕ ਕਰ ਰਹੇ ਸਨ। ਰੁਲਦੂ ਸਿੰਘ ਨੇ ਕਿਹਾ ਕਿ ਅੱਜ ਦੀ ਮੀਟਿੰਗ ’ਚ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਖ਼ਿਲਾਫ਼ ਜਥੇਬੰਦੀ ਵੱਲੋਂ 5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਮਾਲਵਾ ਖੇਤਰ ਵਿੱਚ ਸਰਗਰਮੀਆਂ ਵਧਾਉਣ ਸਬੰਧੀ 6 ਜਨਵਰੀ ਨੂੰ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿੱਚ ਪੰਜਾਬ ਕਿਸਾਨ ਯੂਨੀਅਨ ਸਮੇਤ ਹੋਰ ਧਿਰਾਂ ਦੀ ਮੀਟਿੰਗ ਬੁਲਾਈ ਗਈ ਹੈ।
ਸੰਯੁਕਤ ਸਮਾਜ ਮੋਰਚੇ ਦੀ ਸੂਬਾ ਪੱਧਰੀ ਇਕੱਤਰਤਾ ਅੱਜ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਸਮਾਜ ਮੋਰਚੇ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਭਲਕੇ 2 ਜਨਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੇ ਵਿਸ਼ਨੂੰ ਗਣੇਸ਼ ਪਿੰਗਲੇ ਆਡੀਟੋਰੀਅਮ ਵਿੱਚ ਸੂਬਾ ਪੱਧਰੀ ਇਕੱਤਰਤਾ ਸੱਦੀ ਗਈ ਹੈ। ਕਿਸਾਨ ਆਗੂ ਕੁਲਵੰਤ ਸਿੰਘ ਸੰਧੂ, ਸਮਾਜ ਸੇਵੀ ਬਲਵਿੰਦਰ ਸਿੰਘ, ਸਨਅਤਕਾਰਾਂ ਦੇ ਸੂਬਾਈ ਆਗੂ ਤਰੁਣ ਜੈਨ ਬਾਵਾ, ਡਾ. ਸਵੈਮਾਣ ਸਿੰਘ ਕੈਲੀਫੋਰਨੀਆ ਅਤੇ ਜਸਵਿੰਦਰ ਸਿੰਘ ਖਟਕੜ ਨੇ ਦੱਸਿਆ ਕਿ ਇਸ ਇਕੱਤਰਤਾ ’ਚ ਕਿਸਾਨ, ਮਜ਼ਦੂਰਾਂ, ਸਨਅਤਕਾਰਾਂ, ਵਪਾਰੀਆਂ, ਨੌਜਵਾਨਾਂ, ਵਿਦਿਆਰਥੀਆਂ, ਮਹਿਲਾ ਸੰਗਠਨਾਂ, ਲੇਖਕਾਂ, ਬੁੱਧੀਜੀਵੀਆਂ, ਸਾਬਕਾ ਸੈਨਿਕਾਂ ਤੋਂ ਇਲਾਵਾ ਸਮਾਜ ਦੇ ਹੋਰ ਵਰਗਾਂ ਦੀਆਂ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ।