ਜਿੱਤ ਲਈ ਪੰਥਕ ਧਿਰਾਂ ’ਚ ਏਕਾ ਜ਼ਰੂਰੀ: ਮਾਨ
ਸ਼੍ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਲੋੜ ਹੈ। ਜੇ ਸਾਰੀਆਂ ਪੰਥਕ ਧਿਰਾਂ ਇੱਕ ਮੰਚ ’ਤੇ ਇਕਜੁੱਟ ਹੁੰਦੀਆਂ ਤਾਂ ਤਰਨ ਤਾਰਨ ਜ਼ਿਮਨੀ ਚੋਣ ਦਾ ਨਤੀਜਾ ਸਿੱਖ ਕੌਮ ਦੇ ਹੱਕ ’ਚ ਹੁੰਦਾ। ਸਾਰੀਆਂ ਪੰਥਕ ਧਿਰਾਂ ਇੱਕ ਮੰਚ ’ਤੇ ਇਕੱਠੀਆਂ ਹੋਣ ਤਾਂ ਜੋ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਹੋਣਾਂ ’ਚ ਵੱਡੀ ਜਿੱਤ ਪ੍ਰਾਪਤ ਹੋ ਸਕੇ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵੱਲੋਂ ਘੱਟ ਗਿਣਤੀਆਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਇਸ ਕਾਰਨ ਘੱਟ ਗਿਣਤੀਆਂ ਅਣਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਆਪਣੇ ਤੌਰ ’ਤੇ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਪੁਰਬ ਮਨਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਦੀਨਾ ਕਾਂਗੜ ਵਿੱਚ 23 ਨਵੰਬਰ ਨੂੰ ਵੱਡੇ ਪੱਧਰ ’ਤੇ ਗੁਰੂ ਤੇਗ ਬਹਾਦਰ ਦਾ ਸ਼ਹੀਦਾ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਆਗੂ ਹਰਜੀਤ ਸਿੰਘ ਸਜੂਮਾ, ਗੁਰਨੈਬ ਸਿੰਘ ਰਾਮਪੁਰਾ, ਨਰਿੰਦਰ ਸਿੰਘ ਕਾਲਾਬੂਲਾ, ਸਾਧੂ ਸਿੰਘ ਪੇਧਨੀ, ਜਸਵਿੰਦਰ ਸਿੰਘ ਬੀਂਬੜ, ਕੁਲਵੰਤ ਸਿੰਘ ਲੱਡੀ, ਬੀਬੀ ਸ਼ਿੰਦਰ ਕੌਰ, ਸਰਬਜੀਤ ਕੌਰ ਤੇ ਅਮਨਦੀਪ ਕੌਰ ਹਾਜ਼ਰ ਸਨ।
