ਪੰਜਾਬ ਦੇ ਭਲੇ ਲਈ ਇਕਜੁੱਟਤਾ ਦੇ ਯਤਨ ਜ਼ਰੂਰੀ: ਗੜਗੱਜ
ਅਕਾਲ ਤਖ਼ਤ ਦੇ ਜਥੇਦਾਰ ਨੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਸ਼ਿਰਕਤ ਕੀਤੀ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਪੰਜਾਬੀਆਂ ਨੂੰ ਖ਼ੁਦ ਅੱਗੇ ਆਉਣਾ ਪਵੇਗਾ। ਉਹ ਇੱਥੋਂ ਦੇ ਫੇਜ਼ ਅੱਠ ਵਿੱਚ ਗੁਰੂ ਰਾਮਦਾਸ ਦੇ ਗੁਰਪੁਰਬ ਨੂੰ ਸਪਰਪਿਤ ਪਹਿਲੇ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਜਥੇਦਾਰ ਗੜਗੱਜ ਨੇ ਪੰਜਾਬ ਦੇ ਭਵਿੱਖ ਅਤੇ ਰਾਜ ਵਿਚ ਬੱਚਿਆਂ ਦੀ ਘਟਦੀ ਜਨਮ ਦਰ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਅਤੇ ਹੋਂਦ ਨੂੰ ਬਚਾਉਣ ਲਈ ਪੰਜਾਬ ਦੇ ਹਿੰਦੂਆਂ ਅਤੇ ਸਿੱਖਾਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਪੰਜਾਬੀ ਪਰਿਵਾਰਾਂ ਵਿੱਚ ਇੱਕ ਹੀ ਬੱਚਾ ਹੋਣ ਦੇ ਵਧ ਰਹੇ ਰੁਝਾਨ ਨੂੰ ਵੀ ਚਿੰਤਾ ਦਾ ਵਿਸ਼ਾ ਦੱਸਿਆ। ਉਨ੍ਹਾਂ ਪੰਜਾਬ ਦੇ ਸਮਾਜਿਕ ਅਤੇ ਆਬਾਦੀ ਨਾਲ ਜੁੜੇ ਭਵਿੱਖ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਚੌਥੀ ਪਾਤਿਸ਼ਾਹੀ ਦਾ ਜੀਵਨ ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਪ੍ਰਦੀਪ ਸਿੰਘ ਭਾਰਜ, ਇਸ਼ਪ੍ਰੀਤ ਸਿੰਘ ਵਿੱਕੀ, ਅਮਰਜੀਤ ਸਿੰਘ ਪਾਹਵਾ, ਗੁਰਚਰਨ ਸਿੰਘ ਨੰਨੜਾ, ਕਰਮ ਸਿੰਘ ਬੱਬਰ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ ਸੋਢੀ, ਗੁਰਦਰਸ਼ਨ, ਦੀਪ ਸਿੰਘ, ਬਿਕਰਮ ਸਿੰਘ ਹੂੰਝਣ, ਨਰਿੰਦਰ ਸਿੰਘ ਸੰਧੂ, ਪਰਮਜੀਤ ਸਿੰਘ ਖੁਰਲ, ਸੁਰਿੰਦਰ ਸਿੰਘ, ਬੀਬੀ ਜਤਿੰਦਰ ਕੌਰ ਲੰਬਿਆਂ ਅਤੇ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਸਮੇਤ ਹੋਰ ਪਤਵੰਤੇ ਮੌਜੂਦ ਸਨ।

