ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਕੱਚੇ ਮੁਲਾਜ਼ਮ
ਪੱਕੇ ਕਰਨ ਦੀ ਮੰਗ; 22 ਦੀ ਮੀਟਿੰਗ ਕਾਮਯਾਬ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੇਣ ਦੀ ਮੰਗ ਨੂੰ ਲੈ ਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ ਧਰਨਾ ਦੇ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਮੁਲਾਜ਼ਮਾਂ ਨੇ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਸਿਹਤ ਵਿਭਾਗ ਦੇ ਆਊਟਸੋਰਸ ਕਾਮੇ ਪੱਕੇ ਹੋਣ ਦੀ ਉਡੀਕ ਕਰ ਰਹੇ ਹਨ। ਇਹ ਮੁਲਾਜ਼ਮ 10 ਤੋਂ 12 ਹਜ਼ਾਰ ਰੁਪਏ ਮਹੀਨਾ ਤਨਖ਼ਾਹ ’ਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਵੱਖ-ਵੱਖ ਸ਼੍ਰੇਣੀਆਂ ਅਧੀਨ ਤਾਇਨਾਤ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਕੇ ਪੱਕਾ ਕੀਤਾ ਜਾਵੇ ਅਤੇ ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਾਨੂੰਨ ਦਾ ਦਾਇਰਾ ਵਧਾ ਕੇ ਸਾਰੀਆਂ ਸ਼੍ਰੇਣੀਆਂ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਭਰਤੀ ਹੋਏ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇ।
ਜਥੇਬੰਦੀ ਨੇ ਫ਼ੈਸਲਾ ਕੀਤਾ ਕਿ 22 ਅਕਤੂਬਰ ਤੱਕ ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮ ਕਾਲੇ ਬਿੱਲੇ ਲਾ ਕੇ ਡਿਊਟੀਆਂ ’ਤੇ ਜਾਣਗੇ ਅਤੇ ਰੋਸ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ 22 ਅਕਤੂਬਰ ਨੂੰ ਵਿੱਤ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨਾਲ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਇਸ ਮੌਕੇ ਯਾਦਵਿੰਦਰ ਸਿੰਘ, ਗੁਲਜ਼ਾਰ ਖ਼ਾਨ, ਗਗਨਦੀਪ ਸਿੰਘ ਭੁੱਲਰ, ਮਨੀਸ਼ ਕੁਮਾਰ, ਕੁਲਦੀਪ ਸਿੰਘ ਸੰਗਤ, ਤੀਰਥ ਰਾਮ ਸੇਲ੍ਹਬਰਾਹ, ਕਰਮਜੀਤ ਸਿੰਘ ਮੰਗਵਾਲ ਅਤੇ 108 ਐਂਪਲਾਈਜ਼ ਯੂਨੀਅਨ ਤੇ ਕਰੋਨਾ ਵਾਲੰਟੀਅਰ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਸੰਬੋਧਨ ਕੀਤਾ।

