ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 14 ਜੂਨ
ਦਿੱਲੀ ਦੇ ਟਿਕਰੀ ਮੋਰਚੇ ਤੋਂ ਬਿਮਾਰ ਹੋ ਕੇ ਪਰਤੇ ਪਿੰਡ ਉੱਪਲੀ ਦੇ ਕਿਸਾਨ ਗੁਰਚਰਨ ਸਿੰਘ (60) ਪੁੱਤਰ ਗੱਜਣ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਕਿਸਾਨ ਗੁਰਚਰਨ ਸਿੰਘ ਬੀਕੇਯੂ ਏਕਤਾ ਡਕੌਂਦਾ ਦਾ ਸਰਗਰਮ ਵਰਕਰ ਸੀ। ਆਗੂਆਂ ਨੇ ਜਥੇਬੰਦੀ ਦਾ ਝੰਡਾ ਪਾ ਕੇ ਕਿਸਾਨ ਗੁਰਚਰਨ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਮੋਰਚੇ ਦੌਰਾਨ ਕਿਸਾਨ ਗੁਰਚਰਨ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਨੂੰ ਦਸ ਲੱਖ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ।