ਚੰਡੀਗੜ੍ਹ: ਪੰਜਾਬ ਸਰਕਾਰ ਨੇ ਜ਼ਮੀਨ ਦੀ ਵਰਤੋਂ ਦੀ ਤਬਦੀਲੀ (ਸੀਐੱਲਯੂ) ਸਬੰਧੀ ਸਰਟੀਫਿਕੇਟ, ਮੁਕੰਮਲਤਾ ਸਰਟੀਫਿਕੇਟ, ਲੇਅ-ਆਊਟ ਅਤੇ ਬਿਲਡਿੰਗ ਪਲਾਨ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਸਬੰਧੀ ਪ੍ਰਕਿਰਿਆ ਨੂੰ ਹੋਰ ਆਸਾਨ ਬਣਾ ਦਿੱਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਰੈਗੂਲੇਟਰੀ ਪ੍ਰਵਾਨਗੀਆਂ ਦਾ ਵਿਕੇਂਦਰੀਕਰਨ ਕਰਦਿਆਂ ਆਪਣੇ ਅਧੀਨ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਵਧੇਰੇ ਸ਼ਕਤੀਆਂ ਸੌਂਪੀਆਂ ਗਈਆਂ ਹਨ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਫ਼ੈਸਲਾ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਕੇਸਾਂ ਦੇ ਨਿਪਟਾਰੇ ਲਈ ਬੇਹੱਦ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਮੁਹਾਲੀ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਤੇ ਬਠਿੰਡਾ ਦੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਆਪਣੇ ਪੱਧਰ ’ਤੇ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਦੇ ਸਮਰੱਥ ਹੋ ਜਾਣਗੀਆਂ। -ਟਨਸ