US deportees: ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਖਿਲਾਫ਼ ਦੋ ਹੋਰ ਕੇਸ ਦਰਜ
ਜੁਪਿੰਦਰਜੀਤ ਸਿੰਘ
ਚੰਡੀਗੜ੍ਹ, 11 ਫਰਵਰੀ
ਪੰਜਾਬ ਨਾਲ ਸਬੰਧਤ ਪਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਮਗਰੋਂ ਗ਼ੈਰਕਾਨੂੰਨੀ ਮਨੁੱਖੀ ਤਸਕਰੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਖਿਲਾਫ਼ ਦੋ ਹੋਰ ਕੇਸ ਦਰਜ ਕੀਤੇ ਹਨ। ਇਸ ਮਾਮਲੇ ਵਿਚ ਹੁਣ ਤੱਕ ਦਰਜ ਕੇਸਾਂ ਦੀ ਗਿਣਤੀ ਦਸ ਹੋ ਗਈ ਹੈ।
ਨਵੀਂ ਐੱਫਆਈਆਰ ਉਨ੍ਹਾਂ ਏਜੰਟਾਂ ਖਿਲਾਫ਼ ਦਰਜ ਕੀਤੀ ਗਈ ਹੈ ਜਿਨ੍ਹਾਂ ਪੀੜਤਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਿਆ। ਇਨ੍ਹਾਂ ਵਿਚੋਂ ਕੁਝ ਪੀੜਤਾਂ ਨੂੰ ਹਾਲ ਹੀ ਵਿਚ ਡਿਪੋਰਟ ਕੀਤਾ ਗਿਆ ਹੈ। ਏਡੀਜੀਪੀ ਐੱਨਆਰਆਈ ਮਾਮਲੇ ਪ੍ਰਵੀਨ ਸਿਨਹਾ ਨੇ ਕਿਹਾ ਕਿ ਪਿਛਲੇ ਸਾਲ 43 ਟਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਪਹਿਲਾ ਕੇਸ ਜਸਕਰਨ ਸਿੰਘ, ਮਹਿੰਦਰ ਸਿੰਘ, ਹਰਦੇਵ ਕੌਰ ਤੇ ਸੁਜਾਨ ਸਿੰਘ ਖਿਲਾਫ਼ ਦਰਜ ਕੀਤਾ ਗਿਆ ਹੈ। ਇਹ ਸਾਰੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿਚ ਟਾਹਲੀ ਦੇ ਵਸਨੀਕ ਹਨ। ਦੂਜਾ ਕੇਸ ਟਾਂਡਾ ਦੇ ਟਰੈਵਲ ਏਜੰਟ ਹੈਪੀ ਤੇ ਤਰਨਤਾਰਨ ਦੇ ਏਜੰਟ ਗਿੱਲ ਖਿਲਾਫ਼ ਦਰਜ ਕੀਤਾ ਗਿਆ ਹੈ। ਹੁਸ਼ਿਆਰਪੁਰ ਦੇ ਐੱਨਆਰਆਈ ਪੁਲੀਸ ਥਾਣੇ ਵਿਚ ਭਾਰਤੀ ਨਿਆਏ ਸੰਹਿਤਾ ਤੇ ਇਮੀਗ੍ਰੇਸ਼ਨ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਏਡੀਜੀਪੀ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਸਿੱਟ ਵੱਲੋਂ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਡਿਪੋਰਟੀਜ਼ ਵੱਲੋਂ ਦਰਜ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੀਮ ਨੇ ਡਿਪੋਰਟੀਜ਼ ਦੇ ਬਿਆਨ ਦਰਜ ਕਰਨ ਮਗਰੋਂ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕੀਤੇ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਦੀ ਗ੍ਰਿਫ਼ਤਾਰੀ ਵਿਚ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਧੋਖਾਧੜੀ ਵਾਲੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।