DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਮਰੀਕੀ ਟਰਾਂਸਪੋਰਟ ਸਕੱਤਰ ਨੇ ਦਰਸ਼ਨ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ; ਪੰਜਾਬੀ ਟਰੱਕ ਡਰਾਈਵਰਾਂ ਦੀਆਂ ਮੁਸ਼ਕਲਾਂ 'ਤੇ ਹੋਈ ਚਰਚਾ

ਧਾਲੀਵਾਲ ਭਰਾਵਾਂ ਨੇ ਅਮਰੀਕੀ ਅਰਥਵਿਵਸਥਾ ਵਿੱਚ ਪੰਜਾਬੀ ਭਾਈਚਾਰੇ ਦੇ ਯੋਗਦਾਨ ਅਤੇ ਨਿਯਮਾਂ ਨਾਲ ਜੁੜੀਆਂ ਚੁਣੌਤੀਆਂ ਨੂੰ ਕੀਤਾ ਉਜਾਗਰ

  • fb
  • twitter
  • whatsapp
  • whatsapp
Advertisement

ਅਮਰੀਕਾ ਦੇ ਟਰਾਂਸਪੋਰਟ ਸਕੱਤਰ ਸੀਨ ਡਫੀ ਨੇ ਮਿਲਵਾਕੀ ਨੇੜੇ ਮੇਕੁਓਨ (Mequon) ਵਿਖੇ ਉੱਘੇ ਪੰਜਾਬੀ-ਅਮਰੀਕੀ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ (ਜੋ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਨ) ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਅਹਿਮ ਮੁਲਾਕਾਤ ਵਿੱਚ ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ, ਟਰਾਂਸਪੋਰਟ ਆਪਰੇਟਰਾਂ ਅਤੇ ਇਸ ਨਾਲ ਸਬੰਧਤ ਕਾਰੋਬਾਰਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕੀਤੀ ਗਈ।

ਇਸ ਦੌਰਾਨ ਧਾਲੀਵਾਲ ਭਰਾਵਾਂ ਨੇ ਅਮਰੀਕੀ ਟਰਾਂਸਪੋਰਟ ਖੇਤਰ ਵਿੱਚ ਪੰਜਾਬੀ ਭਾਈਚਾਰੇ ਦੇ ਵੱਡੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਰੱਕਾਂ ਦੇ ਕੰਮ ਨਾਲ ਜੁੜੇ ਸਖ਼ਤ ਨਿਯਮਾਂ, ਰੋਜ਼ਾਨਾ ਦੇ ਕੰਮਕਾਜ ਅਤੇ ਕਾਰੋਬਾਰੀ ਮੁਸ਼ਕਲਾਂ ਵੱਲ ਸਕੱਤਰ ਦਾ ਧਿਆਨ ਦਿਵਾਇਆ। ਇਸ ਗੱਲਬਾਤ ਰਾਹੀਂ ਪੰਜਾਬੀ ਭਾਈਚਾਰੇ ਅਤੇ ਅਮਰੀਕੀ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਡਰਾਈਵਰਾਂ ਦੀਆਂ ਸਮੱਸਿਆਵਾਂ ਨੂੰ ਉੱਚ (ਫੈਡਰਲ) ਪੱਧਰ 'ਤੇ ਹੱਲ ਕੀਤਾ ਜਾ ਸਕੇ।

Advertisement

ਧਾਲੀਵਾਲ ਭਰਾਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਵਿੱਚ ਵੱਡੀ ਗਿਣਤੀ 'ਚ ਪੰਜਾਬੀ ਪਰਿਵਾਰਾਂ ਦੀ ਰੋਜ਼ੀ-ਰੋਟੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਟਰੱਕਾਂ ਅਤੇ ਟਰਾਂਸਪੋਰਟ 'ਤੇ ਹੀ ਨਿਰਭਰ ਕਰਦੀ ਹੈ। ਪੰਜਾਬੀ ਡਰਾਈਵਰਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਅਮਰੀਕੀ ਅਰਥਵਿਵਸਥਾ ਨੂੰ ਮਜ਼ਬੂਤ ਕੀਤਾ ਹੈ। ਇਸ ਲਈ, ਸਰਕਾਰ ਨੂੰ ਟਰਾਂਸਪੋਰਟ ਨੀਤੀਆਂ ਬਣਾਉਣ ਵੇਲੇ ਇਨ੍ਹਾਂ ਦੀਆਂ ਲੋੜਾਂ ਅਤੇ ਚਿੰਤਾਵਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।

Advertisement

ਇਹ ਮੁਲਾਕਾਤ ਪੰਜਾਬ ਲਈ ਵੀ ਬਹੁਤ ਅਹਿਮੀਅਤ ਰੱਖਦੀ ਹੈ ਕਿਉਂਕਿ ਪੰਜਾਬ ਦੇ ਬਹੁਤ ਸਾਰੇ ਪਰਿਵਾਰਾਂ ਦੇ ਜੀਅ ਅਮਰੀਕਾ ਦੀ ਟਰੱਕਿੰਗ ਸਨਅਤ ਵਿੱਚ ਕੰਮ ਕਰ ਰਹੇ ਹਨ। ਇਸ ਮੁਲਾਕਾਤ ਰਾਹੀਂ ਉਨ੍ਹਾਂ ਦੀਆਂ ਜ਼ਮੀਨੀ ਮੁਸ਼ਕਲਾਂ ਨੂੰ ਸਿੱਧਾ ਅਮਰੀਕੀ ਸਰਕਾਰ ਦੇ ਉੱਚ ਅਧਿਕਾਰੀ ਸਾਹਮਣੇ ਰੱਖਣ ਦਾ ਮੌਕਾ ਮਿਲਿਆ।

ਜ਼ਿਕਰਯੋਗ ਹੈ ਕਿ ਧਾਲੀਵਾਲ ਭਰਾਵਾਂ ਨੇ ਅਮਰੀਕਾ ਵਿੱਚ ਸੈਂਕੜੇ ਗੈਸ ਸਟੇਸ਼ਨਾਂ ਸਮੇਤ ਵੱਡੇ ਕਾਰੋਬਾਰ ਸਥਾਪਿਤ ਕੀਤੇ ਹਨ ਅਤੇ ਇਹ ਪਰਿਵਾਰ ਸਮਾਜ ਸੇਵਾ ਲਈ ਵੀ ਕਾਫੀ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਭਰਾ ਸੁਰਜੀਤ ਸਿੰਘ ਰੱਖੜਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਅਤੇ ਅੱਜ-ਕੱਲ੍ਹ ਸਮਾਣਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਇੰਚਾਰਜ ਵਜੋਂ ਜਨਤਕ ਜੀਵਨ ਵਿੱਚ ਸਰਗਰਮ ਹਨ।

Advertisement
×