ਇੱਟਾਂ ਦੇ ਭੱਠਿਆਂ ਵਿੱਚ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਵਰਤੋਂ ਲਾਜ਼ਮੀ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਇੱਟਾਂ ਦੇ ਭੱਠਿਆਂ ਦੇ ਮਾਲਕਾਂ ਨਾਲ ਮੀਟਿੰਗ
ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਜ਼ਿਲ੍ਹੇ ਦੇ ਭੱਠਾ ਮਾਲਕਾਂ ਨਾਲ ਮੀਟਿੰਗ ਕਰਦਿਆਂ ਸਪਸ਼ਟ ਕੀਤਾ ਹੈ ਕਿ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਟਾਂ ਬਣਾਉਣ ਲਈ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਵਰਤੋਂ ਕਰਨੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਗਿੱਟੀਆਂ ਬਣਾਉਣ ਵਾਲੀਆਂ ਫੈਕਟਰੀਆਂ ਤੋਂ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 143 ਇੱਟਾਂ ਦੇ ਭੱਠੇ ਚਾਲੂ ਹਨ, ਜਿਨ੍ਹਾਂ ਵੱਲੋਂ ਇਸ ਸੀਜ਼ਨ ਦੌਰਾਨ ਲਗਪਗ 20,000 ਟਨ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੇ ਰੂਪ ਵਿੱਚ ਵਰਤੋਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇੱਟਾਂ ਦੇ ਨਿਰਮਾਣ ਲਈ ਗਿੱਟੀਆਂ ਦੀ ਵਰਤੋਂ ਕੋਲੇ ਦੇ ਨਾਲ ਬਾਲਣ ਵਜੋਂ ਕੀਤੀ ਜਾਂਦੀ ਹੈ। ਇਸ ਨਾਲ ਨਾ ਸਿਰਫ਼ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ, ਸਗੋਂ ਇਸ ਦੀ ਸੁਚੱਜੀ ਵਰਤੋਂ ਵੀ ਯਕੀਨੀ ਬਣਦੀ ਹੈ। ਇਸ ਦੇ ਨਾਲ ਹੀ ਗਿੱਟੀਆਂ ਨੂੰ ਬਾਲਣ ਵਜੋਂ ਵਰਤਣਾ ਕੋਲੇ ਨੂੰ ਸਾੜਨ ਦੇ ਮੁਕਾਬਲੇ ਵਾਤਾਵਰਣ ਪੱਖੋਂ ਵਧੇਰੇ ਅਨੁਕੂਲ ਮੰਨਿਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਟਾਂ ਦੇ ਭੱਠਿਆਂ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਦੌਰਾਨ ਕਰੀਬ 20,000 ਟਨ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਖਪਤ ਹੋਵੇਗੀ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਉਹ ਆਪਣੇ ਨੇੜਲੇ ਪੈਲਟ ਬਣਾਉਣ ਵਾਲੇ ਯੂਨਿਟਾਂ ਨਾਲ ਸਮਝੌਤਾ ਪੱਤਰ (ਐੱਮ ਓ ਯੂ) ਸਹੀਬੱਧ ਕਰਨ।

