ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਅਗਸਤ
ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿੱਚ ਮਾਹਿਰ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਦਿੱਤੀ। ਇਸ ਤੋਂ ਪਹਿਲਾਂ ਸੋਨੀ ਨੇ ਵਾਰਡ ਨੰਬਰ 50 ਦੇ ਗੁਦਾਮ ਮੁਹੱਲੇ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਭਗਵਾਨ ਵਾਲਮੀਕ ਧਰਮਸ਼ਾਲਾ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਜਿਹੀਆਂ 80 ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਰਾਜਬੀਰ ਕੌਰ ਤੇ ਮਨਜੀਤ ਸਿੰਘ ਬੌਬੀ ਹਾਜ਼ਰ ਸਨ।