ਦਰਸ਼ਨ ਸਿੰਘ ਸੋਢੀ
ਮੁਹਾਲੀ, 11 ਜੂਨ
ਮਿਸ਼ਨ ਫਤਿਹ-2 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਪਿੰਡ ਪੱਧਰ ’ਤੇ ਟੀਕਾਕਰਨ ਮੁਹਿੰਮ ਜ਼ੋਰ ਨਾਲ ਚਲਾਈ ਜਾ ਰਹੀ ਹੈ ਅਤੇ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਹ ਗੱਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ (ਪੱਛਮੀ ਕਮਾਂਡ) ਅਤੇ ਅਵਤਾਰ ਐਜੂਕੇਸ਼ਨ ਟਰੱਸਟ ਨਾਲ ਮਿਲ ਕੇ ਇੱਥੋਂ ਦੇ ਹੈਰੀਟੇਜ ਪਬਲਿਕ ਸਕੂਲ ਜਗਤਪੁਰਾ ਵਿਖੇ ਲਗਾਏ ਗਏ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਭੇਜੀ ਵੈਕਸੀਨ ਲੋਕਾਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ, ਉੱਥੇ ਸੂਬਾ ਸਰਕਾਰ ਵੱਲੋਂ ਅਣਥੱਕ ਕੋਸ਼ਿਸ਼ਾਂ ਨਾਲ ਆਪਣੇ ਪੱਧਰ ’ਤੇ ਵੀ ਵੈਕਸੀਨੇਸ਼ਨ ਦੀ ਵਿਵਸਥਾ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਦਾ ਮਨੁੱਖੀ ਸਰੀਰ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਵਿੱਚ ਆਕਸੀਜ਼ਨ ਦੀ ਕੋਈ ਘਾਟ ਨਹੀਂ ਹੈ ਅਤੇ ਜੇ ਕਿਤੇ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਹ ਫੌਰੀ ਦੂਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਸਾਬਕਾ ਫੌਜੀ ਟੀਕਾਕਰਨ ਮੁਹਿੰਮ ਵਿੱਚ ਸਾਥ ਦੇ ਰਹੇ ਹਨ। ਇਸ ਮੌਕੇ ਸਿਵਲ ਮਿਲਟਰੀ ਅਫੇਅਰਜ਼ ਐਂਡ ਜੁਆਇੰਟ ਅਪਰੇਸ਼ਨ (ਪੱਛਮੀ ਕਮਾਂਡ) ਦੇ ਡਾਇਰੈਕਟਰ ਕਰਨਲ ਜਸਦੀਪ ਸਿੰਘ ਸੰਧੂ ਨੇ ਦੱਸਿਆ ਕਿ ਲੈਫ਼. ਜਨਰਲ ਆਰਪੀ ਸਿੰਘ ਨੇ ਫੈਸਲਾ ਲਿਆ ਹੈ ਕਿ ਵੈਸਟਰਨ ਕਮਾਂਡ ਦੇ ਖੇਤਰ ਅਧੀਨ ਵੈਕਸੀਨੇਸ਼ਨ ਮੁਹਿੰਮ ਦੇ ਘੇਰੇ ਨੂੰ ਵਧਾਉਣ ਅਤੇ ਮੁਹਿੰਮ ਨੂੰ ਤੇਜ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਕੂਲ ਦੀ ਡਾਇਰੈਕਟਰ ਕਿਨਸ਼ੁਕਾ ਸੇਠੀ, ਸਾਬਕਾ ਆਰਮੀ ਕਮਾਂਡਰ ਲੈਫ. ਜਨਰਲ ਏਕਰੂਪ ਘੁੰਮਣ, ਕੈਪਟਨ ਡਾ. ਨਿਤੇਸ਼ ਠਾਕੁਰ, ਕਰਨਲ ਬਲਵਿੰਦਰ ਸਿੰਘ, ਕਰਨਲ ਜਤਿੰਦਰ ਸਿੰਘ, ਮਨਜੀਤ ਚੀਮਾ, ਬੀਡੀਪੀਓ ਹਿਤੇਨ ਕਪਿਲਾ, ਸਕੂਲ ਦੀ ਪ੍ਰਿੰਸੀਪਲ ਨਿਸ਼ਾ ਹਾਂਡਾ, ਨੇਹਾ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।