ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਕੋਵਿਡ ਮਹਾਮਾਰੀ ਖ਼ਿਲਾਫ਼ ਲੜਾਈ ਜਿੱਤਣ ਅਤੇ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਦੇ ਮੱਦੇਨਜ਼ਰ ਸਮੂਹ ਡਿਪਟੀ ਕਮਿਸ਼ਨਰਾਂ ਨੂੰ 18 ਸਾਲਾਂ ਤੋਂ ਵੱਧ ਉਮਰ ਵਰਗ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਵਿੱਚ ਵੱਧ ਇਨਫੈਕਸ਼ਨ ਫੈਲਾਉਣ ਦੀ ਸੰਭਾਵਨਾ ਵਾਲੇ, ਕਮਜ਼ੋਰ ਅਤੇ ਸਹਿ-ਰੋਗਾਂ ਵਾਲੇ ਵਿਅਕਤੀਆਂ ਨੂੰ ਤਰਜੀਹੀ ਆਧਾਰ ’ਤੇ ਟੀਕਾ ਲਾਉਣ ਲਈ ਆਖਿਆ। ਸੂਬੇ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲੈਣ ਲਈ ਰਾਜ ਦੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਉਂਦੇ ਦਿਨਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਉਣ ਲਈ ਪ੍ਰਭਾਵੀ ਰਣਨੀਤੀਆਂ ਦੀ ਯੋਜਨਾ ਤਿਆਰ ਕਰਨ ਨੂੰ ਕਿਹਾ।