ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਲਈ ਅਕਾਲ ਤਖ਼ਤ ਪਹੁੰਚੇ ਵਲਟੋਹਾ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਮਈ
ਤਖ਼ਤਾਂ ਦੇ ਜਥੇਦਾਰ ਬਦਲਣ ਅਤੇ ਨਵੇਂ ਜਥੇਦਾਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਦੀ ਬੇਨਤੀ ਲੈ ਕੇ ਅਕਾਲ ਤਖ਼ਤ ਸਾਹਿਬ ਪੁੱਜੇ ਹਨ। ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਮੰਗ ਸੌਂਪ ਕੇ ਅਪੀਲ ਕੀਤੀ ਹੈ ਕਿ 15 ਅਕਤੂਬਰ ਨੂੰ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਮੁੜ ਵਿਚਾਰ ਕੀਤਾ ਜਾਵੇ ਤੇ ਉਨ੍ਹਾਂ ਕੋਲੋਂ ਅਣਜਾਣੇ ਵਿੱਚ ਹੋਈ ਭੁੱਲ ਦੀ ਮੁਆਫ਼ੀ ਦਿੱਤੀ ਜਾਵੇ। ਇਹ ਪੱਤਰ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸੌਂਪਿਆ ਹੈ। ਉਨ੍ਹਾਂ ਅਕਾਲ ਤਖਤ ਸਾਹਿਬ ਵਿਖੇ ਮੱਥਾ ਵੀ ਟੇਕਿਆ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ 15 ਅਕਤੂਬਰ 2024 ਨੂੰ ਸ੍ਰੀ ਅਕਾਲ ਤਖਤ ਤੋਂ ਦਿੱਤੇ ਗਏ ਆਦੇਸ਼ ਬਾਰੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਹੈ ਕਿ ਜੇ ਸਿੰਘ ਸਾਹਿਬਾਨ ਜ਼ਰੂਰੀ ਸਮਝਣ ਤਾਂ ਉਹ ਆਪਣਾ ਪੱਖ ਵਿਸਥਾਰ ਨਾਲ ਰੱਖਣ ਲਈ ਮੁੜ ਅਕਾਲ ਤਖਤ ਸਾਹਿਬ ’ਤੇ ਹਾਜ਼ਰ ਹੋਣ ਲਈ ਤਿਆਰ ਹਨ। ਦੱਸਣਯੋਗ ਹੈ ਕਿ 15 ਅਕਤੂਬਰ ਨੂੰ ਉਸ ਵੇਲੇ ਸ੍ਰੀ ਅਕਾਲ ਤਖਤ ਦੇ ਜਥਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਤਖਤਾਂ ਦੇ ਜਥੇਦਾਰਾਂ ’ਤੇ ਦੋਸ਼ ਲਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਵਲਟੋਹਾ ਨੂੰ ਅਕਾਲ ਤਖਤ ’ਤੇ ਪੰਜ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਣ ਲਈ ਸੱਦਿਆ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਅਕਾਲੀ ਆਗੂ ਵਲਟੋਹਾ ਨੂੰ 10 ਸਾਲ ਲਈ ਪਾਰਟੀ ਤੋਂ ਬਾਹਰ ਕਰਨ ਦੇ ਆਦੇਸ਼ ਕੀਤੇ ਗਏ ਸਨ, ਜਿਸ ਕਾਰਨ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਵੀ ਖਤਮ ਕਰ ਦਿੱਤੀ ਗਈ ਸੀ।