ਪੱਤਰ ਪ੍ਰੇਰਕ
ਮਾਨਸਾ, 3 ਜੂਨ
ਮਰਹੂਮ ਗਾਇਕ ਮੂਸੇਵਾਲਾ ਦੇ ਘਰ ਪੁੱਜੇ ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਸਿੱਧੂ ਨੂੰ ਅਸੱਭਿਅਕ ਗੱਲ ਕਰਦਿਆਂ ਕਦੇ ਨਹੀਂ ਸੀ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਮਿਊਜ਼ਿਕ ਆਡੀਟੋਰੀਅਮ, ਕੈਂਸਰ ਹਸਪਤਾਲ ਤੇ ਪਿੰਡ ’ਚ ਖੇਡ ਸਟੇਡੀਅਮ ਬਣਾਉਣ ਦਾ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਭਰੋਸਾ ਦਿੱਤਾ ਗਿਆ ਹੈ।
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਖੇਤੀ ਕਾਨੂੰਨਾਂ ਲਈ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਚੱਲ ਰਿਹਾ ਸੀ ਤਾਂ ਉਸ ਵੇਲੇ ਕਿਰਤੀਆਂ ਦੇ ਹੱਕ ’ਚ ਸਿੱਧੂ ਮੂਸੇਵਾਲਾ ਨੇ ਵੀ ਆਵਾਜ਼ ਚੁੱਕੀ ਸੀ।
ਇਸੇ ਦੌਰਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਸਿੱਧੂ ਮੂਸੇਵਾਲਾ ਦਾ ਮਾੜੇ ਪ੍ਰਬੰਧਾਂ ਦੀ ਭੇਟ ਚੜ੍ਹਨਾ ਸਮਾਜ ਦਾ ਵੱਡਾ ਦੁਖਾਂਤ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦਾ ਮਾੜਾ ਪ੍ਰਬੰਧ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਹੈ।
ਇਸੇ ਤਰ੍ਹਾਂ ਸੀਪੀਆਈ (ਐਮ) ਪੰਜਾਬ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸਿੱਧੂ ਮੂਸੇਵਾਲਾ ਦੇ ਘਰ ਪੁੱਜ ਕੇ ਮਰਹੂਮ ਦੇ ਪਿਤਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।