ਪੱਤਰ ਪ੍ਰੇਰਕ
ਪੱਟੀ, 11 ਅਗਸਤ
ਵੈਟਰਨਰੀ ਫਾਰਮਾਸਿਸਟ ਯੂਨੀਅਨ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸਥਾਨਕ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ। ਇਸ ਮੌਕੇ ਸੂਬੇ ਭਰ ’ਚੋਂ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਸੈਂਕੜੇ ਵੈਟਰਨਰੀ ਫਾਰਮਾਸਿਸਟਾਂ ਵੱਲੋਂ ਸ਼ਹਿਰ ਦੀ ਗਾਂਧੀ ਸੱਥ ਤੋਂ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਗਿਆ। ਯੂਨੀਅਨ ਦੇ ਕਨਵੀਨਰ ਦਵਿੰਦਰਪਾਲ ਸਿੰਘ ਤੇ ਬਲਰਾਜ ਸਿੰਘ ਨੇ ਦੱਸਿਆ ਕਿ ਵੱਡੀ ਗਿਣਤੀ ਮੁਲਾਜ਼ਮ ਪਿਛਲੇ 16 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਕੰਟਰੈਕਟ ’ਤੇ ਕੰਮ ਕਰ ਰਹੇ ਹਨ, ਪਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ, ਜਦਕਿ ਸਮੇਂ ਦੀਆਂ ਸਰਕਾਰ ਵੱਲੋਂ ਇਸ ਸਮੇਂ ਦੌਰਾਨ ਛੇ ਵਾਰ ਵੈਟਰਨਰੀ ਫਾਰਮਿਸਸਟਾਂ ਦੀ ਰੈਗਲੂਰ ਭਰਤੀ ਕੀਤੀ ਗਈ ਹੈ। ਪਿਛਲੇ ਅੱਠ ਮਹੀਨਿਆਂ ਤੋਂ ਵੈਟਰਨਰੀ ਫਾਰਮਾਸਿਸਟਾਂ ਨੂੰ ਤਨਖਾਹ ਵੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ’ਤੇ ਕੰਮ ਕਰਦੇ ਵੈਟਰਨਰੀ ਫਾਰਮਾਸਿਸਟਾਂ ਨੂੰ ਰੈਗਲੂਰ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕੈਬਟਿਨ ਮੰਤਰੀ ਦੀ ਪਤਨੀ ਸੁਰਿੰਦਰ ਕੌਰ ਨੂੰ ਮੰਗ ਪੱਤਰ ਸੌਂਪਦਿਆਂ ਚਿਤਾਵਨੀ ਦਿੱਤੀ ਕਿ ਜੇਕਰ 23 ਅਗਸਤ ਨੂੰ ਚੀਫ਼ ਸੈਕਟਰੀ ਤੇ ਪਸ਼ੂ ਪਾਲਣ ਮੰਤਰੀ ਨਾਲ ਪੈਨਲ ਮੀਟਿੰਗ ਨਾ ਕਰਵਾਈ ਗਈ ਤਾਂ ਇਸੇ ਥਾਂ ਪੱਕਾ ਮੋਰਚਾ ਖੋਲ੍ਹਿਆ ਜਾਵੇਗਾ।