ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਮਈ
ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐੱਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ ਪੁੱਛ-ਪੜਤਾਲ ਹੋ ਸਕਦੀ ਹੈ। ਇਸ ਮਾਮਲੇ ਵਿੱਚ ਪਿਛਲੇ ਦਿਨੀਂ ਪ੍ਰੋਡਕਸ਼ਨ ਵਾਰੰਟ ’ਤੇ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਕੇ ਲਿਆਂਦੇ ਗਏ ਤਿੰਨ ਗੈਂਗਸਟਰਾਂ (ਸ਼ੂਟਰਾਂ) ਸੱਜਣ ਸਿੰਘ, ਅਨਿਲ ਲੱਠ ਅਤੇ ਅਜੈ ਸੰਨੀ ਦੀ ਪੁੱਛਗਿੱਛ ਦੌਰਾਨ ਦੋ ਹੋਰ ਗੈਂਗਸਟਰਾਂ ਦਾ ਨਾਂ ਸਾਹਮਣੇ ਆਇਆ ਹੈ।
ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ ਅਤੇ ਅਮਿਤ ਡਾਗਰ ਦੀ ਸ਼ਮੂਲੀਅਤ ਹੋਣ ਬਾਰੇ ਪਤਾ ਲੱਗਾ ਹੈ। ਉਧਰ, ਇਸ ਮਾਮਲੇ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ। ਐੱਸਐੱਸਪੀ ਨੇ ਦੱਸਿਆ ਕਿ ਸ਼ਗਨਪ੍ਰੀਤ ਖ਼ਿਲਾਫ਼ ਲੂਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਜਲਦੀ ਹੀ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਸਿੱਧੂ ਮੂਸੇਵਾਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਸ਼ੀਸ਼ੂ ਗੈਂਗ ਦੇ ਦੋ ਮੈਂਬਰ ਡਰੱਗ ਮਨੀ ਅਤੇ ਹੈਰੋਇਨ ਸਣੇ ਕਾਬੂ
ਫ਼ਿਰੋਜ਼ਪੁਰ (ਨਿੱਜੀ ਪੱਤਰ ਪ੍ਰੇਰਕ): ਸਪੈਸ਼ਲ ਟਾਸਕ ਫੋਰਸ ਦੀ ਸਥਾਨਕ ਟੀਮ ਨੇ ਸ਼ੀਸ਼ੂ ਗੈਂਗ ਦੇ ਦੋ ਮੈਂਬਰਾਂ ਨੂੰ ਡਰੱਗ ਮਨੀ ਅਤੇ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸਟੀਐੱਫ ਫ਼ਿਰੋਜ਼ਪੁਰ ਰੇਂਜ ਦੇ ਏਆਈਜੀ ਨਿਰਮਲਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਡੀਐੱਸਪੀ ਰਾਜਵੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ਼ੀਸ਼ੂ ਗੈਂਗ ਦੇ ਡੇਵਿਡ ਉਰਫ਼ ਲਾਡੀ ਸ਼ੂਟਰ ਅਤੇ ਲਵਪ੍ਰੀਤ ਸੰਧੂ ਉਰਫ਼ ਅਕਾਸ਼ ਨੂੰ ਹਾਮਦ ਪਿੰਡ ਨੇੜੇ ਨਾਕਾ ਲਾ ਕੇ ਦਿੱਲੀ ਨੰਬਰ ਵਾਲੀ ਕਾਰ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 60 ਗ੍ਰਾਮ ਹੈਰੋਇਨ, ਇੱਕ ਕੰਪਿਊਟਰ ਕੰਡਾ, ਛੇ ਲੱਖ ਰੁਪਏ ਡਰੱਗ ਮਨੀ, ਦੋ ਪਿਸਤੌਲ ਤੋ ਹੋਰ ਅਸਲਾ ਬਰਾਮਦ ਹੋਇਆ ਹੈ। ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਸਥਿਤ ਐੱਸਟੀਐੱਫ ਥਾਣੇ ਵਿੱਚ ਕੇਸ ਦਰਜ ਕਰ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।