ਆਤਿਸ਼ ਗੁਪਤਾ
ਚੰਡੀਗੜ੍ਹ, 12 ਫਰਵਰੀ
ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ 180 ਦਿਨ ਬਾਅਦ ਵੀ ਇਨਸਾਫ਼ ਨਾ ਮਿਲਣ ਕਾਰਨ ਪੀੜਤ ਪਰਿਵਾਰ ਵਿਚ ਰੋਸ ਹੈ। ਇਨਸਾਫ਼ ਦੀ ਮੰਗ ਸਬੰਧੀ ਅੱਜ ਉਨ੍ਹਾਂ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਵਿੱਕੀ ਦੇ ਕਤਲ ਨੂੰ ਛੇ ਮਹੀਨੇ ਬੀਤ ਚੁੱਕੇ ਹਨ ਪਰ ਹਾਲੇ ਤੱਕ ਦੋਸ਼ੀਆਂ ਦਾ ਪਤਾ ਨਹੀਂ ਲੱਗਿਆ। ਉਨ੍ਹਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਵਿਚ ਹਮਲਾਵਰਾਂ ਦੇ ਚਿਹਰੇ ਸਪੱਸ਼ਟ ਦਿਖਾਈ ਦੇ ਰਹੇ ਹਨ। ਇਸ ਦੇ ਬਾਵਜੂਦ ਪੁਲੀਸ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਨਾਕਾਮ ਰਹਿ ਰਹੀ ਹੈ। ਅਜੈ ਪਾਲ ਸਿੰਘ ਨੇ ਦੱਸਿਆ ਕਿ ਇਨਸਾਫ਼ ਦੀ ਮੰਗ ਲਈ ਉਨ੍ਹਾਂ ਅੱਜ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਅਪਰਾਧਕ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕਿਸੇ ਨੂੰ ਵੀ ਇਨਸਾਫ਼ ਨਹੀਂ ਮਿਲ ਰਿਹਾ। ਉਹ ਆਪਣੇ ਭਰਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਗੁਹਾਰ ਲਗਾਉਣ ਲਈ ਮੁਹਾਲੀ ਵਾਸੀਆਂ ਕੋਲ ਜਾਣਗੇ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਰਵੱਈਆ ਜੱਗ ਜ਼ਾਹਰ ਕਰਨਗੇ।