ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਮਈ
ਇਥੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੱਦੀ ਗਈ 11 ਮੈਂਬਰੀ ਕਮੇਟੀ ਦੀ ਮੀਟਿੰਗ ’ਚ ਸ਼ਾਮਲ ਹੋਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੱਧੂ ਨੂੰ ਸਜ਼ਾ ਮਿਲਣ ’ਤੇ ਆਖਿਆ ਕਿ ਸਰਵਉੱਚ ਅਦਾਲਤ ਦੇ ਫ਼ੈਸਲੇ ਨਾਲ ਪੀੜਤ ਪਰਿਵਾਰ ਨੂੰ ਨਿਆਂ ਮਿਲਿਆ ਹੈ। ਸਿੱਧੂ ਨੂੰ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਇਸ ਬਾਰੇ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਕਿਹਾ ਕਿ ਇਸ ਫੈ਼ਸਲੇ ਨਾਲ ਜਿਥੇ ਪਾਰਟੀ ਦੀ ਸਾਖ ਨੂੰ ਨੁਕਸਾਨ ਹੋਵੇਗਾ, ਉਥੇ ਸ੍ਰੀ ਸਿੱਧੂ ਦੀ ਸਾਖ ਵੀ ਪ੍ਰਭਾਵਿਤ ਹੋਵੇਗੀ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਫੈ਼ਸਲਾ ਪਾਰਟੀ ਤੇ ਸ੍ਰੀ ਸਿੱਧੂ ਦੋਵਾਂ ਦੀ ਸਾਖ ਨੂੰ ਪ੍ਰਭਾਵਿਤ ਕਰੇਗਾ।