ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਤੇ ਇਸ ਯੂਨੀਵਰਸਿਟੀ ਦੇ ਪ੍ਰਬੰਧਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਣ ਸਿੰਘ, ਜਨਰਲ ਸਕੱਤਰ ਪ੍ਰਿਤਪਾਲ ਸਿੰਘ ਬਠਿੰਡਾ ਅਤੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਇਸ ਮਾਮਲੇ ਨੂੰ ਮਹਿਜ਼ ਮੰਦਭਾਗੀ ਘਟਨਾ ਕਹਿ ਕੇ ਘਟਨਾ ’ਤੇ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਮਹੂਰੀ ਅਧਿਕਾਰ ਸਭਾ ਨੇ ਕਿਹਾ ਕਿ ਨਿੱਜੀ ’ਵਰਸਿਟੀਆਂ ਵਿੱਚ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ਦੀ ਰਾਖੀ ਸਬੰਧੀ ਸਮਾਜਿਕ ਕਦਰਾਂ ਕੀਮਤ ਦੇਣ ਦੀ ਕੋਈ ਥਾਂ ਨਹੀਂ ਹੈ। ਇਹ ਸਿਰਫ਼ ਵਪਾਰਕ ਅਦਾਰੇ ਹਨ।