ਵਿਧਾਇਕ ਦੇ ਰਿਸ਼ਤੇਦਾਰ ਵੱਲੋਂ ਬਿਰਧ ਨੂੰ ਕੁੱਟਣ ਦੀ ਵੀਡੀਓ ਵਾਇਰਲ
ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 19 ਜੂਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਵੱਲੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਵਿਧਾਇਕ ਲਾਲਪੁਰਾ ਨੇ ਲਾਈਵ ਹੋ ਕੇ ਇਸ ਵੀਡੀਓ ਸਬੰਧੀ ਪੁਲੀਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਵੀਡੀਓ ਵਿੱਚ ਵਿਧਾਇਕ ਲਾਲਪੁਰਾ ਦਾ ਰਿਸ਼ਤੇਦਾਰ ਆਪਣੇ ਹੀ ਪਿੰਡ ਵੇਈਂਪੂਈਂ ਦੀ ਬਜ਼ੁਰਗ ਔਰਤ ਦੇ ਡਾਂਗਾ ਮਾਰਦਾ ਦਿਖਾਈ ਦੇ ਰਿਹਾ। ਹਾਲਾਂਕਿ, ਦੇਰ ਸ਼ਾਮ ਵਿਧਾਇਕ ਲਾਲਪੁਰਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੀੜਤ ਪਰਿਵਾਰ ਕੋਲੋਂ ਆਪਣੇ ਰਿਸ਼ਤੇਦਾਰ ਦੀ ਕੀਤੀ ਗ਼ਲਤੀ ਲਈ ਮੁਆਫ਼ੀ ਮੰਗੀ ਅਤੇ ਇਸ ਮਾਮਲੇ ਦੀ ਪੁਲੀਸ ਵੱਲੋਂ ਜਾਂਚ ਕਰਾਉਣ ਤੇ ਬਣਦੀ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਜਾਣਕਾਰੀ ਅਨੁਸਾਰ ਲਾਲਪੁਰਾ ਦਾ ਰਿਸ਼ਤੇਦਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਵੇਈਂਪੂਈਂ ਦਾ ਸਰਪੰਚ ਹੈ। ਉਨ੍ਹਾਂ ਦਾ ਜ਼ਮੀਨੀ ਵਿਵਾਦ ਸਬੰਧੀ ਦੋ ਔਰਤਾਂ ਨਾਲ ਖੇਤਾਂ ਵਿਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।
ਪਹਿਲਾਂ ਵੀ ਗੁੰਡਾਗਰਦੀ ਕਰਦੇ ਰਹੇ ਨੇ ਵਿਧਾਇਕ ਦੇ ਰਿਸ਼ਤੇਦਾਰ: ਬ੍ਰਹਮਪੁਰਾ
ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੌਜੂਦਾ ਵਿਧਾਇਕ ਦੇ ਰਿਸ਼ਤੇਦਾਰਾਂ ਵੱਲੋਂ ਹਲਕੇ ਵਿੱਚ ਗੁੰਡਾਗਰਦੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਅੰਮ੍ਰਿਤਧਾਰੀ ਜੇਈ ਦੀ ਕੁੱਟਮਾਰ ਕੀਤੀ ਗਈ ਸੀ। ਹੁਣ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਗ਼ਰੀਬ ਪਰਿਵਾਰ ਦੀ ਜ਼ਮੀਨ ਹੜੱਪਣ ਲਈ ਬਿਰਧ ਦੀ ਕੁੱਟਮਾਰ ਕੀਤੀ ਗਈ ਹੈ, ਜੋ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਦੀ ਸ਼ਹਿ ’ਤੇ ਉਨ੍ਹਾਂ ਦੇ ਰਿਸ਼ਤੇਦਾਰ ਲੋਕਾਂ ਨਾਲ ਸ਼ਰ੍ਹੇਆਮ ਧੱਕੇਸ਼ਾਹੀਆਂ ਕਰ ਰਹੇ ਹਨ। ਉਨ੍ਹਾਂ ਪੰਜਾਬ ਮਹਿਲਾ ਕਮਿਸ਼ਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਸਿਆਸੀ ਰੋਟੀਆਂ ਸੇਕਣ ਵਾਲੇ ਬਾਜ਼ ਆਉਣ: ਲਾਲਪੁਰਾ
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਉਹ ਲੁਧਿਆਣਾ ਜ਼ਿਮਨੀ ਚੋਣ ਵਿੱਚ ਰੁਝੇ ਹੋਏ ਸਨ। ਉਨ੍ਹਾਂ ਕਿਹਾ ਕਿ ਪਿੰਡ ਵੇਈਂਪੂਈਂ ਦੀ ਵੀਡੀਓ ਧਿਆਨ ਵਿੱਚ ਆਉਣ ਮਗਰੋਂ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਨੂੰ ਫੌਰੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਸ਼ਤੇਦਾਰੀ ਦੀ ਆੜ ਹੇਠ ਜੇ ਕੋਈ ਵੀ ਵਿਅਕਤੀ ਗ਼ਲਤ ਕੰਮ ਕਰਦਾ ਹੈ ਤਾਂ ਲਿਹਾਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਰੋਧੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਸ ਮਾਮਲੇ ’ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਗੇ।