ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ 1146 ਮੁਲਜ਼ਮ ਗ੍ਰਿਫ਼ਤਾਰ
ਸਾਢੇ ਚਾਰ ਸਾਲਾਂ ’ਚ ਹਰ ਮਹੀਨੇ 21 ਜਣਿਆਂ ਨੂੰ ਕਾਬੂ ਕੀਤਾ
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਸਬੰਧੀ 1107 ਕੇਸ ਦਰਜ ਕਰ ਕੇ 1146 ਜਣਿਆਂ ਨੂੰ ਕਾਬੂ ਕੀਤਾ ਹੈ। ਇਸ ਤਰ੍ਹਾਂ ਵਿਜੀਲੈਂਸ ਬਿਊਰੋ ਵੱਲੋਂ ਹਰੇਕ ਮਹੀਨੇ ਭ੍ਰਿਸ਼ਟਾਚਾਰ ਸਬੰਧੀ ਔਸਤਨ 20 ਕੇਸ ਦਰਜ ਕਰ ਕੇ 21 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਿਜੀਲੈਂਸ ਬਿਊਰੋ ਅਨੁਸਾਰ ਵਿਜੀਲੈਂਸ ਨੇ ‘ਆਪ’ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 529 ਮਾਮਲਿਆਂ ਵਿੱਚ ਜਾਲ ਵਿਛਾ ਕੇ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਬੁਲਾਰੇ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ।

