ਵਿਜੀਲੈਂਸ ਵੱਲੋਂ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਏ ਕਾਬੂ
ਪੱਤਰ ਪ੍ਰੇਰਕ
ਜਲੰਧਰ, 30 ਮਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਦੇ ਚਾਰਟਰਡ ਅਕਾਊਂਟੈਂਟ (ਸੀਏ) ਗੁਰਸੇਵਕ ਸਿੰਘ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਜਲੰਧਰ ’ਚ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ’ਤੇ ਕਥਿਤ ਰਿਸ਼ਵਤ ਮੰਗੀ ਸੀ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇੱਕ ਫਰਮ ਦੇ ਮਾਲਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਫਰਮ ਵਿਰੁੱਧ ਸੀਜੀਐਸਟੀ ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਮਦਦ ਕਰਨ ਬਦਲੇ ਸੀਏ ਨੇ 30 ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸੀਏ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।