ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੁਲਾਈ
ਵਿਜੀਲੈਂਸ ਨੇ ਤਹਿਸੀਲ ਦਸੂਹਾ ਵਿੱਚ ਤਾਇਨਾਤ ਮਾਲ ਵਿਭਾਗ ਦੇ ਮੁਲਾਜ਼ਮ (ਗਿਰਦਾਵਰ) ਮਨਜੀਤ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਪਿੰਡ ਉੱਚੀ ਬਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਆਪਣੀ ਸ਼ਿਕਾਇਤ ’ਚ ਉਸ ਨੇ ਦੋਸ਼ ਲਾਇਆ ਸੀ ਕਿ ਮਨਜੀਤ ਸਿੰਘ ਨੇ ਜ਼ਮੀਨ ਦੇ ਇੰਤਕਾਲ ਕਰਨ ਬਦਲੇ ਉਸ ਕੋਲੋਂ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਮੁਤਾਬਕ ਉਕਤ ਸ਼ਿਕਾਇਤ ਦੀ ਜਾਂਚ ਮਗਰੋਂ ਅੱਜ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਿੱਚ ਗਿਰਦਾਵਰ ਮਨਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।