ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਚਲਾਨ ਪੇਸ਼
ਵਿਜੀਲੈਂਸ ਵਿਭਾਗ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਕੀਤੇ ਕੇਸ ਵਿੱਚ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਵਿਜੀਲੈਂਸ ਟੀਮ ਵੱਲੋਂ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ, ਜਿਸ ਨੂੰ ਚਾਰ ਟਰੰਕਾਂ ਵਿੱਚ ਭਰ ਕੇ ਅਦਾਲਤ ਵਿੱਚ ਲਿਆਂਦਾ ਗਿਆ ਹੈ। ਬਿਕਰਮ ਮਜੀਠੀਆ ਇਸ ਸਮੇਂ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਹੈ। ਵਿਜੀਲੈਂਸ ਵੱਲੋਂ ਪੇਸ਼ ਕੀਤੀ ਚਾਰਜਸ਼ੀਟ ਵਿੱਚ ਮਜੀਠੀਆ ਦੀ ਸੱਤ ਸੌ ਕਰੋੜ ਤੋਂ ਵੱਧ ਦੀ ਜਾਇਦਾਦ ਦਾ ਖੁਲਾਸਾ ਕੀਤਾ ਗਿਆ ਹੈ। ਕੇਸ ਦਰਜ ਕਰਨ ਸਮੇਂ 540 ਕਰੋੜ ਦੀ ਜਾਇਦਾਦ ਦਾ ਵੇਰਵਾ ਦਿੱਤਾ ਗਿਆ ਸੀ। ਵਿਜੀਲੈਂਸ ਵੱਲੋਂ ਇਹ ਚਲਾਨ ਨਿਰਧਾਰਿਤ 60 ਦਿਨਾਂ ਤੋਂ ਪਹਿਲਾਂ ਪੇਸ਼ ਕਰ ਦਿੱਤਾ ਗਿਆ ਹੈ।
ਸਰਕਾਰੀ ਪੱਖ ਦੇ ਵਕੀਲ ਨੇ ਦੱਸਿਆ ਕਿ ਚਾਰਜਸ਼ੀਟ ਵਿੱਚ ਸਾਰੇ ਤੱਥ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਵਿੱਚ ਜਾਇਦਾਦਾਂ ਦੀ ਪੜਤਾਲ ਕਰਕੇ ਸਬੂਤ ਇਕੱਠੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਾਫ਼ੀ ਜਾਇਦਾਦ ਬੇਨਾਮੀ ਹੈ ਅਤੇ ਹੋਰ ਵਿਅਕਤੀਆਂ ਦੇ ਨਾਮ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨੇ 400 ਤੋਂ ਵੱਧ ਬੈਂਕ ਖਾਤਿਆਂ ਦਾ ਪਿਛਲੇ ਦਸ ਸਾਲ ਦਾ ਰਿਕਾਰਡ ਚੈੱਕ ਕੀਤਾ ਹੈ।
ਉਨ੍ਹਾਂ ਕਿਹਾ ਕਿ ਇੱਕ ਦੂਜਿਆਂ ਦੇ ਖਾਤਿਆਂ ਵਿੱਚ ਲੈਣ ਦੇਣ ਦੇ ਠੋਸ ਸਬੂਤ ਵੀ ਇਕੱਤਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਇੰਨੇ ਘੱਟ ਸਮੇਂ ਵਿਚ ਦਿਨ-ਰਾਤ ਕੰਮ ਕਰਕੇ ਚਾਲੀ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀ ਜਾਂਚ ਮੁਕੰਮਲ ਕਰਕੇ ਸਮੇਂ ਸਿਰ ਚਲਾਨ ਪੇਸ਼ ਕੀਤਾ ਗਿਆ ਹੈ।
ਚਾਰਜਸ਼ੀਟ ਦੀਆਂ ਕਾਪੀਆਂ ਮਿਲਣ ’ਤੇ ਘੋਖ ਕਰਾਂਗੇ: ਧਨੋਆ
ਬਿਕਰਮ ਮਜੀਠੀਆ ਦੇ ਵਕੀਲ ਨੇ ਵਿਜੀਲੈਂਸ ਵੱਲੋਂ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਟਰੰਕਾਂ ਵਿੱਚ ਲਿਆਂਦੀ ਹਜ਼ਾਰਾਂ ਪੰਨਿਆਂ ਦੀ ਚਾਰਜਸ਼ੀਟ ਦੀਆਂ ਕਾਪੀਆਂ ਮਿਲਣ ਬਾਅਦ ਇਸ ਦੀ ਘੋਖ ਕਰ ਕੇ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਅਗਸਤ ਨੂੰ ਮਜੀਠੀਆ ਦੀ ਪੇਸ਼ੀ ਮੌਕੇ ਪਹਿਲਾਂ ਸਰਕਾਰੀ ਅਹਿਲਮਦ ਇਸ ਚਾਰਜਸ਼ੀਟ ਨੂੰ ਅਦਾਲਤ ਦੇ ਸਾਹਮਣੇ ਰੱਖੇਗਾ ਅਤੇ ਉਸ ਮਗਰੋਂ ਹੀ ਉਨ੍ਹਾਂ ਨੂੰ ਇਸ ਦੀਆਂ ਕਾਪੀਆਂ ਮਿਲਣਗੀਆਂ।