ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੂਨ
ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੂਬੇ ਵਿੱਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਡੈਲਟਾ ਪਲੱਸ ’ਤੇ ਕਾਬੂ ਪਾਉਣ ਲਈ ਨਿਗਰਾਨੀ ਵਧਾਉਣ ਤੋਂ ਇਲਾਵਾ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਵਾਸਤੇ ਸਰਕਾਰੀ ਅਮਲੇ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਥੇ ਕੋਵਿਡ ਰਿਸਪਾਂਸ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਪਟਿਆਲਾ ਅਤੇ ਲੁਧਿਆਣਾ ਵਿੱਚ 1-1 ਮਾਮਲਾ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਰੂਪ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ।