ਦਵਿੰਦਰ ਪਾਲ
ਚੰਡੀਗੜ੍ਹ, 24 ਅਗਸਤ
ਪੰਜਾਬ ਵਿਜੀਲੈਂਸ ਬਿਓਰੋ ਦੇ ਛਾਪਿਆਂ ਨਾਲ ਸੂਬੇ ਦੇ ਟਰਾਂਸਪੋਰਟ ਵਿਭਾਗ ਵਿੱਚ ਦਹਾਕਿਆਂ ਤੋਂ ਚੱਲ ਰਹੇ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਦਾ ਵੱਡਾ ਖੁਲਾਸਾ ਹੋਇਆ ਹੈ। ਵਿਜੀਲੈਂਸ ਦੇ ਸੂਤਰਾਂ ਦਾ ਦੱਸਣਾ ਹੈ ਕਿ ਇਨ੍ਹਾਂ ਬੇਨਿਯਮੀਆਂ ਵਿੱਚ ਜ਼ਿਲ੍ਹਾ ਅਤੇ ਡਿਵੀਜ਼ਨ ਪੱਧਰ ਤੇ ਅਫ਼ਸਰਾਂ ਦੀ ਸਿੱਧੀ ਅਤੇ ਅਸਿੱਧੀ ਭੂਮਿਕਾ ਸਾਹਮਣੇ ਆ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਇੱਕ ਜ਼ਿਲ੍ਹੇ ਦੇ ਆਰਟੀਏ ਦਫ਼ਤਰ ਵਿੱਚ ਛਾਪਿਆਂ ਤੋਂ ਬਾਅਦ ਜਦੋਂ ਸਾਰਾ ਮਾਮਲਾ ਘੋਖਿਆ ਗਿਆ ਤਾਂ ਇਹ ਤੱਥ ਸਾਹਮਣੇ ਆਏ ਕਿ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਵਾਹਨਾਂ ਨੂੰ ਬਿਨਾਂ ਜਾਂਚਿਆਂ ਹੀ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਹੀ ਨਹੀਂ ਸਕੂਲੀ ਬੱਚਿਆਂ ਨੂੰ ਢੋਣ ਵਾਲੇ ਵਾਹਨਾਂ ਨੂੰ ਵੀ ਬਿਨਾਂ ਪਰਖਿਆਂ ਹੀ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਭਾਵੇਂ ਇੰਸਪੈਕਟਰਾਂ ਅਤੇ ਹੋਰ ਅਮਲੇ ਦੀ ਕਮੀ ਕਾਰਨ ਵੀ ਹੋ ਸਕਦਾ ਹੈ, ਪਰ ਜਿਸ ਤਰ੍ਹਾਂ ਟਰਾਂਸਪੋਰਟ ਵਿਭਾਗ ਦੇ ਦਫ਼ਤਰਾਂ ਵਿੱਚ ਏਜੰਟਾਂ ਦਾ ਬੋਲਬਾਲਾ ਹੈ ਤੇ ਜਲੰਧਰ ਦੇ ਇੱਕ ਏਜੰਟ ਕੋਲੋਂ 12 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਬਰਾਮਦ ਹੋਈ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਹਨਾਂ ਦੀ ਫਿਟਨੈੱਸ ਸਰਟੀਫਿਕੇਟ ਪੈਸੇ ਲੈ ਕੇ ਜਾਰੀ ਕੀਤੇ ਜਾ ਰਹੇ ਹਨ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰਾਂ ਵਿੱਚ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਮਿਲਣ ਉਪਰੰਤ ਬਿਊਰੋ ਨੇ ਅੱਜ ਸੂਬੇ ਵਿੱਚ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮਾਨਸਾ, ਜਲੰਧਰ ਅਤੇ ਹੁਸ਼ਿਆਰਪੁਰ ਦੇ ਐਮ.ਵੀ.ਆਈ. ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਅਤੇ ਸਬੰਧਤ ਆਰਟੀਏ ਦਫਤਰਾਂ ਤੋਂ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਰਿਕਾਰਡ ਨੂੰ ਜ਼ਬਤ ਕੀਤਾ ਗਿਆ ਹੈ। ਇਸ ਸਬੰਧ ਵਿੱਚ ਅਫ਼ਸਰਾਂ ਤੇ ਏਜੰਟਾਂ ਖਿਲਾਫ਼ ਪਟਿਆਲਾ, ਜਲੰਧਰ ਅਤੇ ਹੋਰਨਾਂ ਥਾਵਾਂ ’ਤੇ ਕੇਸ ਦਰਜ ਕੀਤੇ ਗਏ ਹਨ। ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈੱਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਦਾ ਦਸਤਾਵੇਜ਼ਾਂ ਸਮੇਤ ਐੱਮਵੀਆਈ ਵੱਲੋਂ ਸਬੰਧਤ ਦਫਤਰ ਵਿੱਚ ਖੁਦ ਨਿਰੀਖਣ ਕਰਨਾ ਜ਼ਰੂਰੀ ਹੈ। ਪੜਤਾਲ ਦੌਰਾਨ ਦੇਖਿਆ ਗਿਆ ਕਿ ਐਮਵੀਆਈ ਤਾਂ ਮਹਿਜ਼ ਦਸਤਖਤ ਹੀ ਕਰਦਾ ਸੀ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੇ ਮਾਡਲ ਦੇ ਆਧਾਰ ’ਤੇ ਪ੍ਰਤੀ ਵਾਹਨ ਭਾਰੀ ਰਿਸ਼ਵਤ ਦੇ ਬਦਲੇ ਵਾਹਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੇ ਬਿਨਾਂ ਫਿਟਨੈੱਸ ਸਰਟੀਫਿਕੇਟ ਜਾਰੀ ਕਰ ਰਹੇ ਹਨ। ਇਸ ਤਰ੍ਹਾਂ ਕੁਝ ਆਰਟੀਏਜ ਅਤੇ ਐਮਵੀਆਈਜ ਵੱਲੋਂ ਖੁਦ ਨਿਰੀਖਣ ਕੀਤੇ ਬਿਨਾਂ ਸਿਰਫ਼ ਦਸਤਾਵੇਜ਼ਾਂ ਦੇ ਆਧਾਰ ’ਤੇ ਹੀ ਫਿਜ਼ੀਕਲ ਜਾਂਚ ਕਰਕੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ, ਜਿਨ੍ਹਾਂ ਨੂੰ ਮੌਕੇ ’ਤੇ ਨਿਰੀਖਣ ਲਈ ਨਿਰਧਾਰਿਤ ਥਾਂ ’ਤੇ ਲਿਆਉਣਾ ਜ਼ਰੂਰੀ ਹੁੰਦਾ ਹੈ।
‘ਦੋਸ਼ੀਆਂ ਖਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ’
ਵਿਜੀਲੈਂਸ ਮੁਤਾਬਕ ਸੂਬਾ ਪੱਧਰੀ ਨਿਰੀਖਣਾਂ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਡੀਟੀਓ ਅਤੇ ਆਰਟੀਏ ਪੱਧਰ ਤੇ ਅਫ਼ਸਰਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ। ਟਰਾਂਸਪੋਰਟ ਵਿਭਾਗ ਵਿੱਚ ਦਹਾਕਿਆਂ ਤੋਂ ਏਜੰਟਾਂ ਅਤੇ ਵਿਚੋਲਿਆਂ ਦਾ ਹੀ ਬੋਲਬਾਲਾ ਮੰਨਿਆ ਜਾਂਦਾ ਹੈ। ਵਿਜੀਲੈਂਸ ਦੇ ਛਾਪਿਆ ਕਾਰਨ ਡੀਟੀਓ ਅਤੇ ਆਰ.ਟੀ.ਏ. ਅਤੇ ਸੂਬਾ ਪੱਧਰ ਦੇ ਵਿਭਾਗੀ ਅਫ਼ਸਰ ਦਹਿਸ਼ਤ ਵਿੱਚ ਹਨ।
ਰਿਸ਼ਵਤ ਦੇ ਦੋਸ਼ ਹੇਠ ਐੱਮਵੀਆਈ ਅਤੇ ਦੋ ਏਜੰਟ ਗ੍ਰਿਫ਼ਤਾਰ
ਆਦਮਪੁਰ ਦੋਆਬਾ(ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ (ਐੱਮਵੀਆਈ) ਜਲੰਧਰ ਅਤੇ ਦੋ ਪ੍ਰਾਈਵੇਟ ਏਜੰਟਾਂ ਨੂੰ ਅੱਜ ਇੱਥੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ ਵਾਹਨਾਂ ਲਈ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਦਸਤਾਵੇਜ਼ਾਂ ਤੋਂ ਇਲਾਵਾ ਰਿਸ਼ਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ ਹੋਏ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ 7-ਏ ਅਧੀਨ ਐੱਮਵੀਆਈ ਜਲੰਧਰ ਨਰੇਸ਼ ਕਲੇਰ ਅਤੇ ਉਸ ਦੇ ਦਫਤਰ ਤੋਂ ਕੰਮ ਕਰ ਰਹੇ 10 ਪ੍ਰਾਈਵੇਟ ਏਜੰਟਾਂ ਵਿਰੁੱਧ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐੱਮਵੀਆਈ ਨਰੇਸ਼ ਕਲੇਰ, ਏਜੰਟ ਰਾਮਪਾਲ ਉਰਫ ਰਾਧੇ ਤੇ ਮੋਹਨ ਲਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।