ਵਿਜੀਲੈਂਸ ਨੇ ਕਾਂਗਰਸੀਆਂ ਦੀਆਂ ਚਿੰਤਾਵਾਂ ਵਧਾਈਆਂ : The Tribune India

ਵਿਜੀਲੈਂਸ ਨੇ ਕਾਂਗਰਸੀਆਂ ਦੀਆਂ ਚਿੰਤਾਵਾਂ ਵਧਾਈਆਂ

ਪੰਜਾਬ ਦੇ ਦਰਜਨ ਦੇ ਕਰੀਬ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖਿਲਾਫ਼ ਚੱਲ ਰਹੀ ਹੈ ਜਾਂਚ

ਵਿਜੀਲੈਂਸ ਨੇ ਕਾਂਗਰਸੀਆਂ ਦੀਆਂ ਚਿੰਤਾਵਾਂ ਵਧਾਈਆਂ

ਦਵਿੰਦਰ ਪਾਲ

ਚੰਡੀਗੜ੍ਹ, 7 ਫਰਵਰੀ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਵਿੱਚ ਕੀਤੀ ਗ੍ਰਿਫ਼ਤਾਰੀ ਨੇ ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਸੂਬੇ ਦੇ ਦਰਜਨ ਦੇ ਕਰੀਬ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ ਆਰੰਭੀ ਹੋਈ ਹੈ। ਵਿਜੀਲੈਂਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਮੇਂ ਜਿਨ੍ਹਾਂ ਕਾਂਗਰਸੀ ਆਗੂਆਂ ਖ਼ਿਲਾਫ਼ ਜਾਂਚ ਵਿੱਢੀ ਹੋਈ ਹੈ ਉਨ੍ਹਾਂ ਵਿੱਚ ਓਮ ਪ੍ਰਕਾਸ਼ ਸੋਨੀ, ਭਾਰਤ ਭੂਸ਼ਨ ਆਸ਼ੂ, ਸੁੰਦਰ ਸ਼ਾਮ ਅਰੋੜਾ, ਵਿਜੈਇੰਦਰ ਸਿੰਗਲਾ, ਬ੍ਰਹਮ ਮਹਿੰਦਰਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ, ਮਦਨ ਲਾਲ ਜਲਾਲਪੁਰ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਅਤੇ ਭਾਜਪਾ ’ਚ ਸ਼ਮੂਲੀਅਤ ਕਰਨ ਵਾਲੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਦਿ ਦਾ ਨਾਮ ਸ਼ਾਮਲ ਹੈ। ਇਸੇ ਤਰ੍ਹਾਂ ਪੁਲੀਸ ਦੇ ਕਈ ਅਫ਼ਸਰਾਂ ਖਿਲਾਫ਼ ਵੀ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਵਿਜੀਲੈਂਸ ਨੇ ਓਪੀ ਸੋਨੀ, ਕੁਸ਼ਲਦੀਪ ਸਿੰਘ ਢਿੱਲੋਂ, ਪਾਹੜਾ ਤੇ ਮਦਨਲਾਲ ਜਲਾਲਪੁਰ ਦੀਆਂ ਜਾਇਦਾਦਾਂ ਸਬੰਧੀ ਜਾਣਕਾਰੀ ਇਕੱਤਰ ਕਰਨ ’ਚ ਤੇਜ਼ੀ ਲਿਆਂਦੀ ਹੋਈ ਹੈ। ਇਸ ਤਰ੍ਹਾਂ ਆਉਣ ਵਾਲੇ ਦਿਨਾਂ ਦੌਰਾਨ ਹੋਰਨਾਂ ਖਿਲਾਫ਼ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਵਿਜੀਲੈਂਸ ਦੀ ਮਾਰ ਹੇਠ ਆੳਣ ਵਾਲੇ ਕਾਂਗਰਸੀ ਆਗੂਆਂ ਵੱਲੋਂ ਭੱਜ-ਨੱਠ ਕੀਤੀ ਜਾਣ ਲੱਗੀ ਹੈ ਤੇ ਇਹ ਆਗੂ ਹਾਈ ਕੋਰਟ ਦੇ ਸੀਨੀਅਰ ਵਕੀਲਾਂ ਦਾ ਸਹਾਰਾ ਲੈ ਰਹੇ ਹਨ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਦੀ ਜਾਇਦਾਦ ਦੇ ਵੇਰਵੇ ਇਕੱਤਰ ਕਰਨ ’ਚ ਹਾਲ ਦੀ ਘੜੀ ਸਮਾਂ ਲੱਗ ਰਿਹਾ ਹੈ। ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਕਾਂਗਰਸ ਸਰਕਾਰ ਦਾ ਕਰੀਬੀ ਰਿਹਾ ਇੱਕ ਪੁਲੀਸ ਅਧਿਕਾਰੀ ਆਪਣੀ ਜਾਇਦਾਦ ਵੇਚ ਵੱਟ ਕੇ ਵਿਦੇਸ਼ ਚਲਾ ਗਿਆ ਹੈ। ਇਹ ਸਾਬਕਾ ਅਧਿਕਾਰੀ ਵੀ ਵਿਜੀਲੈਂਸ ਦੀ ਤਲਵਾਰ ਲਟਕਦੀ ਹੋਈ ਮਹਿਸੂਸ ਕਰ ਰਿਹਾ ਸੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਜਾਈ ਵਿਭਾਗ ਵਿੱਚ ਹੋਏ ਬਹੁ ਕਰੋੜੀ ਘਪਲੇ ਦੇ ਮਾਮਲੇ ਵਿੱਚ ਵੀ ਮੁੜ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਵਿੱਚ ਹੁਣ ਤੱਕ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਸਮੇਤ ਤਿੰਨ ਸਾਬਕਾ ਆਈਏਐਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇ.ਬੀ.ਐਸ. ਸਿੱਧੂ ਅਤੇ ਕਾਹਨ ਸਿੰਘ ਪੰਨੂ ਨੂੰ ਦੋ ਵਾਰੀ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All