ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 18 ਅਕਤੂਬਰ
ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ ਖਡੂਰ ਸਾਹਿਬ ਪੁੱਜਣ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਅਤੇ ਸਾਂਪਲਾ ਨੂੰ ਘੇਰ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਬਿੱਲ ਪਾਸ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕੀਤਾ ਹੈ, ਜਿਸ ਕਾਰਨ ਸਾਰੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਅੱਜ ਜਦ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਖਡੂਰ ਸਾਹਿਬ ਆ ਰਹੇ ਹਨ ਤਾਂ ਉਨ੍ਹਾਂ ਤੁਰੰਤ ਇਕੱਠੇ ਹੋ ਕੇ ਕਿਸਾਨੀ ਸੰਘਰਸ਼ ਦੇ ਝੰਡੇ ਫੜ ਕੇ ਸਾਂਪਲਾ ਦੀ ਫੇਰੀ ਦਾ ਵਿਰੋਧ ਕੀਤਾ। ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਦਿੱਲੀ ਸੱਦ ਕੇ ਜ਼ਲੀਲ ਕੀਤਾ ਹੈ, ਇਸ ਕਰਕੇ ਉਹ ਇਨ੍ਹਾਂ ਕੇਂਦਰੀ ਆਗੂਆਂ ਨੂੰ ਆਪਣੇ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਵਿਜੈ ਸਾਂਪਲਾ ਖਡੂਰ ਸਾਹਿਬ ਵਿੱਚ ਕਿਸੇ ਦੇ ਘਰ ਅਫਸੋਸ ਕਰਨ ਪੁੱਜੇ ਸਨ ਪਰ ਕਿਸਾਨਾਂ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਪਰਿਵਾਰ ਨਾਲ ਮੁਲਾਕਾਤ ਕੀਤੇ ਬਗੈਰ ਪਰਤਣਾ ਪਿਆ। ਵਿਜੈ ਸਾਂਪਲਾ ਨੇ ਕਿਹਾ ਕਿ ਉਹ ਵੀ ਕਿਸਾਨ ਪਰਿਵਾਰ ਨਾਲ ਸਬੰਧਤ ਹਨ। ਕੇਂਦਰ ਵੱਲੋਂ ਬਿੱਲ ਸਾਰੀਆਂ ਪਾਰਟੀਆਂ ਦੀ ਸਹਿਮਤੀ ਨਾਲ ਪਾਸ ਕੀਤੇ ਗਏ ਹਨ ਅਤੇ ਹੁਣ ਕਾਂਗਰਸ ਤੇ ਅਕਾਲੀ ਬਿੱਲ ਦੇ ਨਾਂ ’ਤੇ ਸਿਆਸੀ ਰੋਟੀਆਂ ਸੇਕ ਰਹੇ ਹਨ।
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਗੁਰਦਾਸਪੁਰ ਦੌਰਾ ਰੱਦ
ਗੁਰਦਾਸਪੁਰ (ਜਤਿੰਦਰ ਬੈਂਸ): ਖੇਤੀ ਕਾਨੂੰਨਾਂ ਦੀ ਵਕਾਲਤ ਕਰਨ ਲਈ ਗੁਰਦਾਸਪੁਰ ਆ ਰਹੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਅੱਜ ਕਿਸਾਨਾਂ ਦੇ ਤਿੱਖੇ ਰੋਹ ਕਾਰਨ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਅਤੇ ਵੀਡੀਓ ਕਾਨਫਰੰਸ ਜ਼ਰੀਏ ਹੀ ਬੁੱਤਾ ਸਾਰਨ ਲਈ ਮਜਬੂਰ ਹੋਣਾ ਪਿਆ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨ ਇਥੇ ਰੇਲਵੇ ਲਾਈਨ ਉੱਤੇ ਪਿਛਲੇ 18 ਦਿਨਾਂ ਤੋਂ ਰਾਤ-ਦਿਨ ਪੱਕਾ ਡੇਰਾ ਜਮਾਈ ਬੈਠੇ ਹਨ।