ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਸਤੰਬਰ
ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰਾਂ ਨੇ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਸੰਗਰੂਰ-ਪਟਿਆਲਾ ਬਾਈਪਾਸ ਸੜਕ ’ਤੇ ਆਵਾਜਾਈ ਠੱਪ ਕਰਕੇ ਤਿੰਨ ਰੋਜ਼ਾ ਪੱਕਾ ਮੋਰਚਾ ਆਰੰਭ ਦਿੱਤਾ ਹੈ। ਸਰਕਾਰੀ ਪਾਬੰਦੀਆਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਪੁੱਜੇ ਕਿਰਤੀਆਂ ਦਾ ਸੰਘਰਸ਼ੀ ਰਾਹ ਨਾ ਰੋਕ ਸਕੀਆਂ ਅਤੇ ਕਰੀਬ ਕਿਲੋਮੀਟਰ ’ਚ ਫੈਲੇ ਇਸ ਪੱਕੇ ਮੋਰਚੇ ’ਚ ਕਿਰਤੀਆਂ ਨੇ ਹੱਥਾਂ ਵਿੱਚ ਲਾਲ ਝੰਡੇ ਫੜ ਕੇ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਧਰਨੇ ਵਿੱਚ ਸ਼ਾਮਲ ਵੱਡੀ ਗਿਣਤੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਮੋਰਚੇ ਦੇ ਸੂਬਾਈ ਆਗੂ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਗੁਲਜ਼ਾਰ ਗੌਰੀਆ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਮਾਉਂ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦੀ ਥਾਂ ਆਰਐੱਸਐੱਸ ਤੇ ਭਾਜਪਾ ਦੀ ਬੀ ਟੀਮ ਭਗਵੰਤ ਮਾਨ ਸਰਕਾਰ ਨੇ ਮਜ਼ਦੂਰਾਂ ਦੀ ਆਵਾਜ਼ ਦਬਾਉਣ ਲਈ ਦਫ਼ਾ 144 ਲਗਾ ਦਿੱਤੀ ਸੀ, ਜਿਸ ਨੂੰ ਤੋੜਦਿਆਂ ਪੰਜਾਬ ਦੇ ਹਜ਼ਾਰਾਂ ਮਜ਼ਦੂਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਲਈ ਡਟੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਇਸ ਹਾਲਤ ਵਿੱਚ ਮਜ਼ਦੂਰਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ। ਬੁਲਾਰਿਆਂ ਨੇ ਕਿਹਾ ਕਿ ਮਗਨਰੇਗਾ ਤਹਿਤ ਟੱਬਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਰਾ ਸਾਲ ਕੰਮ ਦੇਣ, ਮਗਨਰੇਗਾ ਸਮੇਤ ਹੋਰਨਾਂ ਕੰਮਾਂ ਦੀ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨ ਦੇ ਤੀਜੇ ਹਿੱਸੇ ’ਤੇ ਖੇਤੀ ਦਾ ਹੱਕ ਦਲਿਤਾਂ ਨੂੰ ਦੇਣ, ਅਲਾਟ ਪਲਾਟਾਂ ਦੇ ਮਜ਼ਦੂਰਾਂ ਨੂੰ ਕਬਜ਼ੇ ਦੇਣ, ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ, ਲਾਲ ਲਕੀਰ ਤੋਂ ਬਾਹਰ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਸਮੇਤ ਹੋਰ ਮੰਗਾਂ ਲਈ ਤਿੰਨ ਰੋਜ਼ਾ ਪੱਕਾ ਮੋਰਚਾ ਦਿਨ-ਰਾਤ ਜਾਰੀ ਰਹੇਗਾ। ਇਸ ਮੋਰਚੇ ਦੀ ਅਗਵਾਈ ਮਜ਼ਦੂਰ ਆਗੂਆਂ ਗੁਰਨਾਮ ਦਾਊਦ, ਕਸ਼ਮੀਰ ਸਿੰਘ ਘੁੱਗਸ਼ੋਰ, ਹਰਮੇਸ਼ ਮਾਲੜੀ, ਕ੍ਰਿਸ਼ਨ ਚੌਹਾਨ, ਜਸਵੰਤ ਖੇੜੀ, ਕਮਲਜੀਤ ਸਨਾਵਾਂ, ਪ੍ਰਗਟ ਕਾਲਾਝਾੜ ਤੇ ਗੋਬਿੰਦ ਛਾਜਲੀ ਨੇ ਕੀਤੀ।