ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਉੱਤਰਾਖੰਡ ਦੇ ਗੁਰਦੁਆਰਾ ਸ੍ਰੀ ਨਾਨਕ ਮੱਤਾ ਵਿਖੇ ਮਰਿਆਦਾ ਨੂੰ ਭੰਗ ਕਰਨ ਦੇ ਦੋਸ਼ ਹੇਠ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਤਨਖ਼ਾਹ ਲਾਈ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੇਵਾ ਸਿੰਘ ਜਨਰਲ ਸਕੱਤਰ ਧੰਨਾ ਸਿੰਘ ਅਤੇ ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ ਨੂੰ ਮਰਿਆਦਾ ਭੰਗ ਕਰਨ ਦੇ ਦੋਸ਼ ਹੇਠ ਪੰਦਰਾਂ ਦਿਨ ਕਥਾ ਸੁਣਨ, ਸੰਗਤ ਦੇ ਜੋੜੇ ਝਾੜਨ, ਜੂਠੇ ਬਰਤਨ ਸਾਫ਼ ਕਰਨ ਅਤੇ ਗੁਰਦੁਆਰੇ ਵਿੱਚ ਝਾੜੂ ਮਾਰਨ ਦੀ ਤਨਖ਼ਾਹ ਲਾਈ ਗਈ ਹੈ। ਇਹ ਸੇਵਾ ਉਨ੍ਹਾਂ ਨੂੰ ਗੁਰਦੁਆਰਾ ਨਾਨਕ ਮਤਾ ਵਿਖੇ ਹੀ ਪੂਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।