ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਫਰਵਰੀ
ਪੰਜਾਬ ਅਸੈਂਬਲੀ ਚੋਣਾਂ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਉਧਰ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਗਈ ਹੈ।
ਰਾਜ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੇ ਮੁਹਾਲੀ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਜ਼ਿਲ੍ਹਾ ਕਮਿਸ਼ਨਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਤੇ ਹੋਰਨਾਂ ਸਿਆਸੀ ਪਾਰਟੀਆਂ ਖਿਲਾਫ਼ ਝੂਠੇ ਤੇ ਨਿਰਾਰਥਕ ਦੋਸ਼ ਲਾਉਣ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਇਹ ਹਦਾਇਤਾਂ ਸ਼੍ਰੋਮਣੀ ਅਕਾਲੀ ਦਲ ਦੇ ਤਰਜਮਾਨ ਤੇ ਉਪ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਦੀ ਸ਼ਿਕਾਇਤ ’ਤੇ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਫੇਸਬੁੱਕ ਤੇ ਟਵਿੱਟਰ ਜਿਹੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਅਪਲੋਡ ਕੀਤੀ ਵੀਡੀਓ ਨੂੰ ਲੈ ਕੇ ਉਜਰ ਜਤਾਇਆ ਸੀ। ਕਲੇਰ ਨੇ ਦਾਅਵਾ ਕੀਤਾ ਸੀ ਕਿ ਇਸ ਵੀਡੀਓ ਜ਼ਰੀਏ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਸਿਆਸੀ ਪਾਰਟੀਆਂ ਦੀ ਦਿੱਖ ਨੂੰ ਆਮ ਲੋਕਾਂ ਦੀਆਂ ਨਜ਼ਰਾਂ ’ਚ ਡੇਗਣ ਦੀ ਕਥਿਤ ਕੋੋੋੋਸ਼ਿਸ਼ ਕੀਤੀ ਗਈ ਹੈ।
ਮਾਨਸਾ (ਜੋਗਿੰਦਰ ਸਿੰਘ ਮਾਨ): ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਇਸ ਤਹਿਤ ਮਾਨਸਾ ਦੇ ਥਾਣਾ ਸਿਟੀ-1 ’ਚ ਧਾਰਾ 188 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲੀਸ ਨੇ ਇਹ ਮਾਮਲਾ ਚੋਣ ਆਬਜ਼ਰਵਰ ਵੱਲੋਂ ਕੀਤੇ ਗਏ ਆਦੇਸ਼ ਤੋਂ ਬਾਅਦ ਦਰਜ ਕੀਤਾ ਗਿਆ ਹੈ। ਮਾਨਸਾ ਤੋਂ ‘ਆਪ’ ਉਮੀਦਵਾਰ ਡਾ. ਵਿਜੈ ਸਿੰਗਲਾ ਨੇ ਲਿਖਤੀ ਰੂਪ ਵਿੱਚ ਸ਼ਿਕਾਇਤ ਦਿੱਤੀ ਸੀ।
ਸੁਖਬੀਰ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਮੁਹਾਲੀ ’ਚ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਚੋਣ ਅਧਿਕਾਰੀ ਵੱਲੋਂ ਇਹ ਹੁਕਮ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ ਗਈਆਂ ਵੀਡੀਓਜ਼ ਦੇ ਸਬੰਧ ਵਿਚ ਇਕ-ਦੂਜੇ ਖ਼ਿਲਾਫ਼ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਿੱਤੇ ਗਏ ਹਨ। -ਪੀਟੀਆਈ
ਰਾਣਾ ਸੋਢੀ ਦੇ ਪੁੱਤਰ ਖ਼ਿਲਾਫ਼ ਵੀ ਕੇਸ ਦਰਜ
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਫਿਰੋਜ਼ਪੁਰ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਰਘੁਮੀਤ ਸਿੰਘ ਸੋਢੀ ਖ਼ਿਲਾਫ਼ ਥਾਣਾ ਸਦਰ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਚੋਣ ਅਮਲੇ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਗਈ ਹੈ। ਚੋਣ ਅਮਲੇ ਦੇ ਅਧਿਕਾਰੀ ਕੁਲਦੀਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਰਘੁਮੀਤ ਸਿੰਘ ਸੋਢੀ ਆਪਣੇ ਕੁਝ ਸਾਥੀਆਂ ਨਾਲ ਸਰਹੱਦੀ ਪਿੰਡਾਂ ਵਿਚ ਅੱਜ ਚੋਣ ਪ੍ਰਚਾਰ ਕਰ ਰਿਹਾ ਹੈ।