ਜੋਗਿੰਦਰ ਸਿੰਘ ਮਾਨ
ਮਾਨਸਾ, 11 ਜਨਵਰੀ
ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਚੋਣ ਪ੍ਰਚਾਰ ਦੌਰਾਨ ਬਹੁਤੇ ਉਮੀਦਵਾਰਾਂ ਵੱਲੋਂ ਕਰੋਨਾ ਸਬੰਧੀ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਮਾਨਸਾ ਤੋਂ ਸੰਭਾਵੀ ਤੌਰ ’ਤੇ ਚੋਣ ਮੈਦਾਨ ਵਿੱਚ ਉਤਰਨ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੀਆਂ ਸਭਾਵਾਂ ਵਿੱਚ ਵੱਡੀ ਭੀੜ ਜੁੜ ਰਹੀ ਹੈ, ਜਿਸ ਵਿੱਚ ਕਰੋਨਾ ਦੀਆਂ ਹਦਾਇਤਾਂ ਦਾ ਕੋਈ ਧਿਆਨ ਨਹੀਂ ਰੱਖਿਆ ਜਾ ਰਿਹਾ।
ਗਾਇਕ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਕਿਸੇ ਨੂੰ ਆਪਣੇ ਨਾਲ ਲੈ ਕੇ ਨਹੀਂ ਚੱਲਦਾ ਤੇ ਨਾ ਹੀ ਕਿਸੇ ਨੂੰ ਕੋਈ ਬੁਲਾਵਾ ਭੇਜਿਆ ਜਾ ਰਿਹਾ ਹੈ, ਉਹ ਵੀ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰ ਰਿਹਾ ਹੈ ਅਤੇ ਕੋਸ਼ਿਸ਼ ਹੁੰਦੀ ਹੈ ਕਿ ਆਲੇ-ਦੁਆਲੇ ਵੀ ਭੀੜ ਨਾ ਜੁੜੇ।
ਮਾਨਸਾ ਜ਼ਿਲ੍ਹੇ ਵਿੱਚ ਇਸ ਵੇਲੇ ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ 75 ਕਰੋਨਾ ਦੇ ਕੇਸ ਹਨ। ਜ਼ਿਲ੍ਹਾ ਐਪੋਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ ਘਰਾਂਗਣਾ ਨੇ ਕਿਹਾ ਕਿ ਕਰੋਨਾ ਸਬੰਧੀ ਪੂਰੀ ਸਖ਼ਤੀ ਅਤੇ ਚੌਕਸੀ ਵਰਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ ਪਰ ਹਾਲੇ ਤੱਕ ਸਿੱਧੂ ਮੂਸੇਵਾਲਾ ਦੀਆਂ ਸਭਾਵਾਂ ਵਿੱਚ ਜੁੜਨ ਵਾਲੀ ਭੀੜ ਦਾ ਕੋਈ ਨੋਟਿਸ ਨਹੀਂ ਲਿਆ ਗਿਆ ਹੈ।
ਉਧਰ ਕਾਂਗਰਸ ਦੇ ਸੰਭਵੀ ਉਮੀਦਵਾਰ ਸਿੱਧੂ ਮੂਸੇਵਾਲਾ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਮੁੜ ਆਹਮੋ-ਸਾਹਮਣੇ ਹੋ ਗਏ ਹਨ। ਸ੍ਰੀ ਚਹਿਲ ਨੇ ਦੋਸ਼ ਲਾਇਆ ਕਿ ਸੋਸ਼ਲ ਮੀਡੀਆ ਰਾਹੀਂ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਡਟਣ ਦਾ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਬਿਲਕੁਲ ਗਲਤ ਹੈ।
ਉਨ੍ਹਾਂ ਇਸ ਸਬੰਧੀ ਐੱਸਐੱਸਪੀ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਉਸ ਦਾ ਨਾਂ ਸਿੱਧੂ ਮੂਸੇਵਾਲੇ ਵੱਲੋਂ ਆਪਣੀ ਹਮਾਇਤ ਨਾਲ ਗਲਤ ਜੋੜਿਆ ਜਾ ਰਿਹਾ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ।